ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀ ਭਗਵੰਤ ਮਾਨ ਸਰਕਾਰ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਦੀ ਪੂਰੀ ਤਿਆਰੀ 'ਚ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨਾਲ ਬੈਠਕ ਹੋਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਗਏ ਹਨ, ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਕਿਸੇ ਵੀ ਹਾਲਤ 'ਚ ਪੰਜਾਬ ਦੇ ਨੌਜਵਾਨਾਂ 'ਤੇ ਹਾਵੀ ਨਹੀਂ ਹੋਣ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਿਆਂ 'ਤੇ ਲੱਗੇ ਹੋਏ ਹਨ, ਉਨ੍ਹਾਂ ਨੂੰ ਨਸ਼ਾ ਛੁਡਾਉਣ ਵਾਸਤੇ ਪੂਰੀ ਮੈਡੀਕਲ ਸਹਾਇਤਾ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਦੀ ਕਾਊਂਸਲਿੰਗ ਵੀ ਕੀਤੀ ਜਾਵੇਗੀ। ਇਸ ਤੋਂ ਬਾਅਦ ਉਕਤ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਰਫ ਇੰਨਾ ਹੀ ਨਹੀਂ, ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਟ੍ਰੈਕਿੰਗ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ ਤਾਂ ਜੋ ਉਹ ਦੁਬਾਰਾ ਨਸ਼ਿਆਂ 'ਚ ਨਾ ਪੈ ਜਾਣ।