ਪੱਤਰ ਪ੍ਰੇਰਕ : ਕਾਂਗਰਸ ਨੇ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਲਈ 43 ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕੀਤੀ, ਜਿਸ ਵਿੱਚ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਪੁੱਤਰ ਵੈਭਵ ਗਹਿਲੋਤ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਦੇ ਪੁੱਤਰ ਨਕੁਲ ਨਾਥ ਦੇ ਨਾਂ ਸ਼ਾਮਲ ਹਨ। ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਹੁਣ ਤੱਕ 82 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਪਿਛਲੇ ਸ਼ੁੱਕਰਵਾਰ ਨੂੰ 39 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਨਾਂ ਵੀ ਸ਼ਾਮਲ ਸੀ। ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਹਨ ਜਿਸ ਦੀ ਉਹ ਇਸ ਵੇਲੇ ਨੁਮਾਇੰਦਗੀ ਕਰਦੇ ਹਨ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਮੰਗਲਵਾਰ ਨੂੰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ।
ਇਸ ਸੂਚੀ ਵਿੱਚ ਅਸਾਮ ਦੇ 12, ਗੁਜਰਾਤ ਦੇ ਸੱਤ, ਮੱਧ ਪ੍ਰਦੇਸ਼ ਦੇ 10, ਰਾਜਸਥਾਨ ਦੇ 10, ਉੱਤਰਾਖੰਡ ਦੇ ਤਿੰਨ ਅਤੇ ਦਮਨ ਅਤੇ ਦੀਵ ਤੋਂ ਇੱਕ ਉਮੀਦਵਾਰ ਦੇ ਨਾਮ ਸ਼ਾਮਲ ਹਨ। ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚ 10 ਉਮੀਦਵਾਰ ਜਨਰਲ ਵਰਗ ਦੇ ਹਨ ਜਦਕਿ 33 ਉਮੀਦਵਾਰ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਦੇ ਹਨ। ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਸੋਮਵਾਰ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜ ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਲਈ 60 ਤੋਂ ਵੱਧ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕੀਤੀ, ਜਿਨ੍ਹਾਂ ਵਿੱਚੋਂ 43 ਨੂੰ ਮਨਜ਼ੂਰੀ ਦੇ ਦਿੱਤੀ ਗਈ।
ਵੈਭਵ ਗਹਿਲੋਤ ਨੂੰ ਰਾਜਸਥਾਨ ਦੇ ਜਲੌਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਰਾਜਸਥਾਨ ਕ੍ਰਿਕਟ ਸੰਘ ਦੇ ਸਾਬਕਾ ਪ੍ਰਧਾਨ ਵੈਭਵ ਗਹਿਲੋਤ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਜੋਧਪੁਰ ਤੋਂ ਕਾਂਗਰਸ ਦੇ ਉਮੀਦਵਾਰ ਸਨ, ਹਾਲਾਂਕਿ ਉਹ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗਜੇਂਦਰ ਸਿੰਘ ਸ਼ੇਖਾਵਤ ਤੋਂ ਹਾਰ ਗਏ ਸਨ। ਨਕੁਲ ਨਾਥ ਨੂੰ ਇੱਕ ਵਾਰ ਫਿਰ ਮੱਧ ਪ੍ਰਦੇਸ਼ ਦੀ ਛਿੰਦਵਾੜਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਉਹ ਪਹਿਲੀ ਵਾਰ 2019 ਵਿੱਚ ਇਸ ਸੀਟ ਤੋਂ ਚੁਣੇ ਗਏ ਸਨ। ਉਨ੍ਹਾਂ ਦੇ ਪਿਤਾ ਕਮਲਨਾਥ 9 ਵਾਰ ਇਸ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ। ਹਾਲ ਹੀ 'ਚ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਕਮਲਨਾਥ ਅਤੇ ਨਕੁਲ ਨਾਥ ਦੋਵੇਂ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ, ਹਾਲਾਂਕਿ ਬਾਅਦ 'ਚ ਦੋਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ।
ਲੋਕ ਸਭਾ 'ਚ ਕਾਂਗਰਸ ਦੇ ਉਪ ਨੇਤਾ ਗੌਰਵ ਗੋਗੋਈ ਅਸਾਮ ਦੇ ਜੋਰਹਾਟ ਤੋਂ ਚੋਣ ਲੜਨਗੇ। ਉਹ ਇਸ ਵੇਲੇ ਕਾਲੀਆਬੋਰ ਲੋਕ ਸਭਾ ਹਲਕੇ ਦੇ ਨੁਮਾਇੰਦੇ ਹਨ। ਆਸਾਮ ਵਿੱਚ ਹੱਦਬੰਦੀ ਕਾਰਨ ਉਨ੍ਹਾਂ ਨੂੰ ਨਵੇਂ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਅਸਾਮ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾ ਪ੍ਰਦਯੁਤ ਬੋਰਦੋਲੋਈ ਨੂੰ ਨਗਾਓਂ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਦੇ ਮੌਜੂਦਾ ਨੁਮਾਇੰਦੇ ਅਬਦੁਲ ਖਾਲਿਕ ਨੂੰ ਆਸਾਮ ਦੀ ਬਾਰਪੇਟਾ ਲੋਕ ਸਭਾ ਸੀਟ ਤੋਂ ਟਿਕਟ ਨਹੀਂ ਮਿਲੀ ਹੈ। ਉਨ੍ਹਾਂ ਦੀ ਥਾਂ ਕਾਂਗਰਸ ਨੇ ਦੀਪ ਬੇਨਣ ਨੂੰ ਆਪਣਾ ਉਮੀਦਵਾਰ ਬਣਾਇਆ ਹੈ।