ਦਿੱਲੀ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ 100 ਕਰੋੜ ਕੋਰੋਨਾ ਟੀਕਾਕਰਨ ’ਤੇ ਦੇਸ਼ ਨੂੰ ਵਧਾਈ ਦਿੱਤੀ ਹੈ। ਪੀ.ਐੱਮ. ਮੋਦੀ ਨੇ ਟਵੀਟ ਕਰ ਕੇ ਕਿਹਾ,‘‘ਭਾਰਤ ਨੇ ਇਤਿਹਾਸ ਰਚਿਆ ਹੈ। ਅਸੀਂ ਭਾਰਤੀ ਵਿਗਿਆਨ, ਉੱਦਮ ਅਤੇ 130 ਕਰੋੜ ਭਾਰਤੀਆਂ ਦੀ ਸਮੂਹਿਕ ਭਾਵਨਾ ਦੀ ਜਿੱਤ ਦੇਖ ਰਹੇ ਹਾਂ। 100 ਕਰੋੜ ਟੀਕਾਕਰਨ ਪਾਰ ਕਰਨ ’ਤੇ ਭਾਰਤ ਨੂੰ ਵਧਾਈ। ਸਾਡੇ ਡਾਕਟਰਾਂ, ਨਰਸਾਂ ਅਤੇ ਇਸ ਉਪਲੱਬਧੀ ਨੂੰ ਹਾਸਲ ਕਰਨ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਦਾ ਆਭਾਰ।
’’ ਪੀ.ਐੱਮ. ਮੋਦੀ ਦੇਸ਼ ਦੇ ਇਹ ਉਪਲੱਬਧੀ ਹਾਸਲ ਕਰਨ ਮੌਕੇ ਰਾਮ ਮਨੋਹਰ ਲੋਹੀਆ ਹਸਪਤਾਲ ਵੀ ਪਹੁੰਚੇ। ਉਨ੍ਹਾਂ ਨੇ ਉੱਥੇ ਹਸਪਤਾਲ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ, ਸਿਹਤ ਮੰਤਰੀ ਮਨਸੁਖ ਮੰਡਾਵੀਆ ਵੀ ਉਨ੍ਹਾਂ ਨਾਲ ਮੌਜੂਦ ਸਨ। ਪ੍ਰਧਾਨ ਮੰਤਰੀ, ਟੀਕਾਕਰਨ ਮੁਹਿੰਮ ਨੂੰ ਅੱਗੇ ਵਧਾਉਣ ਲਈ ਲਗਾਤਾਰ ਸਿਹਤ ਕਰਮੀਆਂ ਦੀ ਤਾਰੀਫ਼ ਕਰਦੇ ਰਹੇ ਹਨ।
ਦੇਸ਼ ’ਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ 16 ਜਨਵਰੀ ਨੂੰ ਹੋਈ ਸੀ ਅਤੇ ਇਸ ਦੇ ਪਹਿਲੇ ਪੜਾਅ ’ਚ ਸਿਹਤ ਕਰਮੀਆਂ ਨੂੰ ਟੀਕੇ ਲਾਏ ਗਏ ਸਨ। ਇਸ ਤੋਂ ਬਾਅਦ 2 ਫਰਵਰੀ ਤੋਂ ਮੋਹਰੀ ਮੋਰਚੇ ਦੇ ਕਰਮੀਆਂ ਦਾ ਟੀਕਾਕਰਨ ਸ਼ੁਰੂ ਹੋਇਆ ਸੀ। ਟੀਕਾਕਰਨ ਮੁਹਿੰਮ ਦਾ ਅਗਲਾ ਪੜਾਅ ਇਕ ਮਾਰਚ ਤੋਂ ਸ਼ੁਰੂ ਹੋਇਆ।
ਜਿਸ ’ਚ 60 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਅਤੇ ਗੰਭੀਰ ਬੀਮਾਰੀਆਂ ਨਾਲ ਪੀੜਤ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕੇ ਲਗਾਉਣੇ ਸ਼ੁਰੂ ਕੀਤੇ ਗਏ। ਦੇਸ਼ ’ਚ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੀ ਟੀਕਾਕਰਨ ਇਕ ਅਪ੍ਰੈਲ ਤੋਂ ਸ਼ੁਰੂ ਹੋਇਆ ਸੀ ਅਤੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦਾ ਟੀਕਾਕਰਨ ਇਕ ਮਈ ਤੋਂ ਸ਼ੁਰੂ ਹੋਇਆ। ਕੋਰੋਨਾ ਰੋਕੂ ਟੀਕਿਆਂ ਦੀ ਹੁਣ ਤੱਕ ਦਿੱਤੀਆਂ ਗਈਆਂ ਖੁਰਾਕਾਂ ਦੀ ਗਿਣਤੀ ਵੀਰਵਾਰ ਨੂੰ 100 ਕਰੋੜ ਦੇ ਪਾਰ ਪਹੁੰਚ ਗਈ।