
ਫ਼ਿਰੋਜ਼ਪੁਰ (ਨੇਹਾ): ਫ਼ਿਰੋਜ਼ਪੁਰ ਸ਼ਹਿਰ ’ਚ ਅਪਰਾਧਿਕ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਮੰਗਲਵਾਰ ਰਾਤ ਨੂੰ ਵਾਪਰੇ ਦੋਹਰੇ ਕਤਲ ਕਾਂਡ ਦਾ ਸਹਿਮ ਹੀ ਲੌਕਾ ਵਿਚ ਬਣਿਆ ਹੋਇਆ ਸੀ ਕਿ 24 ਘੰਟਿਆਂ ਦੇ ਅੰਦਰ ਹੀ ਸ਼ਹਿਰ ’ਚ ਗੋਲੀਬਾਰੀ ਦੀ ਇਕ ਹੋਰ ਵਾਰਦਾਤ ਵਾਪਰ ਗਈ ਹੈ। ਇੱਥੋਂ ਦੇ ਵਾਰਡ ਨੰਬਰ 6 ਦੇ ਨੌਜਵਾਨ ਕੌਂਸਲਰ ਕਪਿਲ ਕੁਮਾਰ ਉਰਫ਼ ਮੌਂਟੀ ਤੇ ਅਣਪਛਾਤਿਆਂ ਵੱਲੋਂ ਗੋਲੀਬਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ 9 ਵਜੇ ਦੇ ਕਰੀਬ ਕਾਂਗਰਸੀ ਕੌਂਸਲਰ ਮੌਂਟੀ ਬਾਂਸੀ ਗੇਟ ਅੰਦਰ ਸਥਿਤ ਆਪਣੀਆਂ ਦੁਕਾਨਾਂ ਦੇ ਬਾਹਰ ਬੈਠਾ ਸੀ ਜਦੋਂ ਮੋਟਰਸਾਇਕਲ ਸਵਾਰ ਤਿੰਨ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਤਿੰਨ ਗੋਲੀਆਂ ਚਲਾਈਆਂ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਹਾਲਾਂਕਿ ਇਸ ਫ਼ਾਇਰਿੰਗ ਵਿਚ ਮੌਂਟੀ ਵਾਲ-ਵਾਲ ਬਚ ਗਿਆ। ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ।
ਉਧਰ ਸ਼ਹਿਰ ’ਚ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਨਗਰ ਕੌਂਸਲ ਪ੍ਰਧਾਨ ਰਿੰਕੂ ਗਰੋਵਰ ਨੇ ਗੋਲੀਬਾਰੀ ਦੀਆਂ ਘਟਨਾਵਾਂ ਲਈ ਸਿੱਧੇ ਤੌਰ ਤੇ ਥਾਣਾ ਸਿਟੀ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਚਮੇਲੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੌਰਾਨ ਮੌਕੇ ਤੇ ਪਹੁੰਚੇ ਪ੍ਰਧਾਨ ਗਰੋਵਰ ਦੀ ਥਾਣਾ ਮੁਖੀ ਨਾਲ ਤਿੱਖੀ ਬਹਿਸ ਵੀ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸ਼ਹਿਰ ’ਚ ਗੁੰਡਾਗਰਦੀ ਵਧ ਰਹੀ ਹੈ ਅਤੇ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਘਟਨਾ ਤੋਂ ਤੁਰੰਤ ਬਾਅਦ ਪੁਲੀਸ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਦੇ ਹੋਏ ਸਿਟੀ ਥਾਣਾ ਮੁਖੀ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾਂ ਇੰਸਪੈਕਟਰ ਜਤਿੰਦਰ ਸਿੰਘ ਨੂੰ ਲਾਇਆ ਗਿਆ ਹੈ। ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਛੇਤੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।