ਨਵੀਂ ਦਿੱਲੀ (ਦੇਵ ਇੰਦਰਜੀਤ )- 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਗਏ ਅਦਾਕਾਰ ਤੇ ਕਾਰਕੁਨ ਦੀਪ ਸਿੱਧੂ ਨੂੰ ਦਿੱਲੀ ਦੀ ਇਕ ਅਦਾਲਤ ਨੇ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਦੇ ਦਿੱਤੀ ਸੀ ਪਰ ਅਦਾਕਾਰ ਸਿੱਧੂ ਦੀ ਮੁੜ ਗ੍ਰਿਫ਼ਤਾਰੀ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਨੂੰ ਏ.ਐੱਸ.ਆਈ. ਵਿਭਾਗ ਵਲੋਂ ਦਰਜ ਕਰ ਵਏ ਗਏ ਇਕ ਹੋਰ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਯਾਨੀ ਕਿ ਦੀਪ ਸਿੱਧੂ ਨੂੰ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਕੋਲ ਪਹਿਲਾਂ ਤੋਂ ਹੀ ਦਰਜ ਮਾਮਲੇ ਦੇ ਆਧਾਰ ’ਤੇ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੱਸ ਦਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ 26 ਜਨਵਰੀ ਦੇ ਦਿਨ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਮੁੱਖ ਦੋਸ਼ੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਅੱਜ ਹੀ ਸਵੇਰੇ ਜ਼ਮਾਨਤ ਮਿਲੀ ਸੀ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਸੀ।