
ਨਵੀਂ ਦਿੱਲੀ (ਸਾਹਿਬ) - ਸੁਪਰੀਮ ਕੋਰਟ ਨੇ ਅੱਜ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਬੀਆਰਐੱਸ ਨੇਤਾ ਕੇ.ਕਵਿਤਾ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੀਬੀਆਈ ਨੂੰ ਪੁੱਛਿਆ ਕਿ ਉਨ੍ਹਾਂ ਕੋਲ ਇਹ ਸਾਬਤ ਕਰਨ ਲਈ ਕੀ ‘ਸਮੱਗਰੀ’ ਹੈ ਕਿ ਬੀਆਰਐੱਸ ਨੇਤਾ ਕੇ. ਕਵਿਤਾ ਦਿੱਲੀ ਆਬਕਾਰੀ ਨੀਤੀ ਘਪਲੇ ਵਿੱਚ ਸ਼ਾਮਲ ਸੀ।
ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਕਥਿਤ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਨੇਤਾ ਦੀਆਂ ਪਟੀਸ਼ਨਾਂ ਦੀ ਸੁਣਵਾਈ ਕਰ ਰਿਹਾ ਸੀ। ਸੀਬੀਆਈ ਅਤੇ ਈਡੀ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੇ ਹਨ।
ਕਵਿਤਾ ਵੱਲੋਂ ਪੇਸ਼ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਜ਼ਮਾਨਤ ਦੀ ਬੇਨਤੀ ਕਰਦਿਆਂ ਕਿਹਾ ਕਿ ਉਸ ਦੇ ਮੁਵੱਕਿਲ ਖ਼ਿਲਾਫ਼ ਦੋਵੇਂ ਏਜੰਸੀਆਂ ਵੱਲੋਂ ਜਾਂਚ ਪੂਰੀ ਕਰ ਲਈ ਗਈ ਹੈ।