ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਨੂੰ ਰੋਕਣ ਵਿੱਚ ਸਹਾਈ ਹੋਵੇਗੀ ਝੋਨੇ ਦੀ ਸਿੱਧੀ ਬਿਜਾਈ – ਡਾ ਜਸਵਿੰਦਰ ਸਿੰਘ

by vikramsehajpal

ਬੁਢਲਾਡਾ (ਕਰਨ) : ਪੰਜਾਬ ਵਿੱਚ ਲਗਪਗ 30 ਲੱਖ ਹੈਕਟੇਅਰ ਰਕਬੇ ਉੱਤੇ ਝੋਨੇ ਦੀ ਫਸਲ ਕਾਸ਼ਤ ਕੀਤੀ ਜਾਂਦੀ ਹੈ। ਜਿਸ ਨੂੰ ਪਾਲਣ ਵਾਸਤੇ ਧਰਤੀ ਹੇਠੋਂ ਟਿਊਬਵੈਲਾਂ ਰਾਹੀਂ ਪਾਣੀ ਕੱਢਣਾ ਪੈਂਦਾ ਹੈ। ਇਕ ਅਨੁਮਾਨ ਅਨੁਸਾਰ ਇੱਕ ਕਿਲੋ ਚਾਵਲ ਪੈਦਾ ਕਰਨ ਲਈ 3000 ਤੋਂ 4000 ਲਿਟਰ ਪਾਣੀ ਦੀ ਜ਼ਰੂਰਤ ਪੈਂਦੀ ਹੈ। ਜਿਸ ਕਰਕੇ ਸਾਉਣੀ ਦੀ ਝੋਨੇ ਦੀ ਫ਼ਸਲ ਨੂੰ ਪੈਦਾ ਕਰਨ ਲਈ ਲੱਖਾਂ ਲੀਟਰ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਵਿਚਾਰ ਡਾ. ਜਸਵਿੰਦਰ ਸਿੰਘ ਬਲਾਕ ਖੇਤੀਬਾਡ਼ੀ ਅਫਸਰ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਹੇ।

ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਪੈਦਾ ਕਰਨ ਲਈ ਧਰਤੀ ਹੇਠੋਂ ਕੱਢੇ ਪਾਣੀ ਦਾ ਜ਼ਿਆਦਾਤਰ ਹਿੱਸਾ ਵਾਸ਼ਪੀਕਰਨ ਰਾਹੀਂ ਉੱਡ ਜਾਂਦਾ ਹੈ। ਇਸ ਲਈ ਸਾਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਘੱਟ ਪਾਣੀ ਲੈਣ ਵਾਲੀਆਂ ਫ਼ਸਲਾਂ ਜਾ ਤਕਨੀਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਡਾ ਸੁਖਦੇਵ ਸਿੰਘ ਸਿੱਧੂ ਡਾਇਰੈਕਟਰ ਖੇਤੀਬਾਡ਼ੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਅਤੇ ਡਾ ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮਾਨਸਾ ਦੀ ਯੋਗ ਅਗਵਾਈ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਕਿਸਾਨ ਕਾਮਯਾਬ ਪੰਜਾਬ ਮਿਸ਼ਨ ਤਹਿਤ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 25 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਝੋਨੇ ਦੇ ਝਾੜ ਉੱਤੇ ਵੀ ਕੋਈ ਅਸਰ ਨਹੀਂ ਪੈਂਦਾ। ਡਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਹਮੇਸ਼ਾਂ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਤੇ ਹੀ ਕਰਨੀ ਚਾਹੀਦੀ ਅਤੇ ਥੋੜ੍ਹੇ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਨੂੰ ਹੀ ਪਹਿਲ ਦੇਣੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵਤਰ ਵਾਲੇ ਖੇਤਾਂ ਵਿੱਚ ਕਰਨ ਨਾਲ ਬਹੁਤ ਵਧੀਆ ਨਤੀਜੇ ਮਿਲੇ ਹਨ ਅਤੇ ਨਦੀਨਾਂ ਦੀ ਸਮੱਸਿਆ ਤੋਂ ਵੀ ਕਾਫੀ ਹੱਦ ਤੱਕ ਛੁਟਕਾਰਾ ਮਿਲਦਾ ਹੈ। ਝੋਨੇ ਦੀ ਸਿੱਧੀ ਬਿਜਾਈ ਸ਼ਾਮ ਵੇਲੇ ਕਰਨੀ ਚਾਹੀਦੀ ਹੈ ਅਤੇ ਬਿਜਾਈ ਤੋਂ ਮਗਰੋਂ ਸਟੋਪ 30 ਪ੍ਰਤੀਸ਼ਤ ਨਦੀਨ ਨਾਸ਼ਕ ਦਾ ਛਿੜਕਾਅ ਕਰਨਾ ਚਾਹੀਦਾ ਹੈ। ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਬੰਧੀ ਬਲਾਕ ਖੇਤੀਬਾੜੀ ਅਫ਼ਸਰ ਜਾਂ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।