ਦਿੱਲੀ (ਦੇਵ ਇੰਦਰਜੀਤ) : ਕਿਸਾਨ ਪਿਛਲੇ ਸਾਲ ਨੰਵਬਰ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਪਾਏ ਹੋਏ ਹਨ ਅਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। 40 ਤੋਂ ਜ਼ਿਆਦਾ ਕਿਸਾਨ ਸੰਗਠਨਾਂ ਦਾ ਤਰਜਮਾਨੀ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਗੱਲਬਾਤ ਦੀ ਬਹਾਲੀ ਦੀ ਅਪੀਲ ਕੀਤੀ ਸੀ।
ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਸਾਲ ਸ਼ੁਰੂ ਹੋਏ ਅੰਦੋਲਨ ਨੂੰ ਅੱਜ ਯਾਨੀ 26 ਮਈ ਨੂੰ 6 ਮਹੀਨੇ ਪੂਰੇ ਹੋ ਗਏ ਹਨ। ਇਸ ਮੌਕੇ ਕਿਸਾਨ ਸੰਗਠਨਾਂ ਨੇ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਕਿਸਾਨ ਸੰਗਠਨਾਂ ਨੇ ਅਪੀਲ ਕੀਤੀ ਹੈ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਲੋਕ ਅੱਜ ਆਪਣੇ ਘਰਾਂ, ਵਾਹਨਾਂ, ਦੁਕਾਨਾਂ 'ਤੇ ਕਾਲਾ ਝੰਡਾ ਲਗਾਉਣ। ਕਿਸਾਨ ਮੋਰਚਾ ਵਲੋਂ ਕੀਤੇ ਗਏ ਇਸ ਐਲਾਨ ਨੂੰ ਕਾਂਗਰਸ ਸਮੇਤ 14 ਪ੍ਰਮੁੱਖ ਵਿਰੋਧੀ ਦਲਾਂ ਨੇ ਆਪਣਾ ਸਮਰਥਨ ਦਿੱਤਾ ਹੈ।
ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਂਦਰ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਮੁਅੱਤਲ ਕਰ ਦੇਵੇ। ਪਾਰਟੀ ਨੇ ਕਿਹਾ ਕਿ ਬੀਜੇਪੀ ਨੀਤ ਸਰਕਾਰ ਜ਼ਬਰਨ ਇਹ ਕਾਨੂੰਨ ਕਿਸਾਨਾਂ 'ਤੇ ਥੋਪ ਰਹੀ ਹੈ।
ਕਿਸਾਨ ਯੂਨੀਅਨਾਂ ਵਲੋਂ ‘ਕਾਲਾ ਦਿਵਸ’ ਮਨਾਏ ਜਾਣ ਦੇ ਐਲਾਨ ਵਿਚਾਲੇ ਦਿੱਲੀ ਪੁਲਸ ਨੇ ਲੋਕਾਂ ਨੂੰ ਕੋਰੋਨਾ ਦੀ ਸਥਿਤੀ ਅਤੇ ਲਾਕਡਾਊਨ ਕਾਰਨ ਸਭਾਵਾਂ ਨਾ ਕਰਣ ਦੀ ਅਪੀਲ ਕੀਤੀ ਹੈ। ਪੁਲਸ ਨੇ ਦੱਸਿਆ ਕਿ ਸਰਹੱਦਾਂ 'ਤੇ ਅੰਦੋਲਨ ਸਥਾਨਾਂ 'ਤੇ ਕਿਸੇ ਵੀ ਸਥਿਤੀ ਤੋਂ ਨਜਿੱਠਣ ਲਈ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।
ਦਿੱਲੀ ਪੁਲਸ ਵਲੋਂ ਬਿਆਨ ਜਾਰੀ ਕਰ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਵਿਅਕਤੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੰਘੂ, ਟੀਕਰੀ ਅਤੇ ਗਾਜ਼ੀਪੁਰ ਸਮੇਤ ਸਾਰੇ ਸਰਹੱਦਾਂ 'ਤੇ ਜਵਾਨ ਪਹਿਲਾਂ ਤੋਂ ਹੀ ਮੌਜੂਦ ਹਨ, ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਜਾਂ ਪ੍ਰਵੇਸ਼ ਦੀ ਮਨਜ਼ਰੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।