ਬੁਢਲਾਡਾ (ਕਰਨ) : ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਅਤੇ ਦੇਸ਼ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਆਰੰਭੇ ਸੰਘਰਸ਼ ਤਹਿਤ ਲੜੀਵਾਰ ਧਰਨਾ 250ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਧਰਨੇ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਸਤਪਾਲ ਸਿੰਘ ਬਰੇ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਬੋੜਾਵਾਲ ਆਦਿ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਮੀਦਾਰੀ ਪ੍ਰਥਾ ਨੂੰ ਖਤਮ ਕਰਨ ਅਤੇ ਕਿਸਾਨਾਂ ਦੀਆਂ ਜ਼ਮੀਨਾ ਵਾਪਿਸ ਦਿਵਾਉਣ ਲਈ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਕੋਮ ਦੇ ਮਹਾਨ ਸੈਨਾਨਾਇਕ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸੰਯੁਕਤ ਕਿਸਾਨ ਮੋਰਚੇ ਵੱਲੋਂ 9 ਜੂਨ ਨੂੰ ਮਨਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਅੱਜ਼ ਕੇਂਦਰ ਸਰਕਾਰ ਵੀ ਕਿਸਾਨਾਂ ਦੀਆਂ ਜ਼ਮੀਨਾ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇ ਰਹੀ ਹੈ ਜ਼ੋ ਕਦੇ ਵੀ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਵੱਲੋਂ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹਿੱਤ ਪੂਰੇ ਕਰਨ ਲਈ ਅਜਿਹੇ ਲੋਕ ਵਿਰੋਧੀ ਕਦਮ ਚੁੱਕੇ ਜਾ ਰਹੇ ਹਨ। ਸਰਕਾਰਾਂ ਦੀਆਂ ਗਲਤ ਨੀਤੀਆਂ ਸਦਕਾ ਦੇਸ਼ ਦਾ ਅੰਨਦਾਤਾ ਰੁਲ ਰਿਹਾ ਹੈ ਅਤੇ ਖੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।