ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵਾਂਸ਼ਹਿਰ ਵਿਚ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੁਸ਼ਿਆਰਪੁਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ। ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਦੇ ਪਿੰਡ ਮੁਖਲਿਆਣਾ ਵਿਖੇ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਅਤੇ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੀ ਵੰਡੇ। ਕੈਪਟਨ ਵੱਲੋਂ ਇਥੇ ਜਿਹੜੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਉਸ ਦਾ ਨਾਂ ਉਨ੍ਹਾਂ ਨੇ ਡਾ. ਬੀ. ਆਰ. ਅੰਬੇਡਕਰ ਦੇ ਨਾਂ ’ਤੇ ਰੱਖਿਆ।
ਇਸ ਦੇ ਨਾਲ ਹੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਕਿਸਾਨ ਦਿੱਲੀ ਜਾ ਕੇ ਆਪਣੀ ਲੜਾਈ ਲੜਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸ ਸਮੇਂ ਕਰੀਬ 113 ਥਾਵਾਂ ’ਤੇ ਧਰਨਾ ਦਿੱਤਾ ਜਾ ਰਿਹਾ ਹੈ। ਪੰਜਾਬ ’ਚ ਕਿਸਾਨ ਅੰਦੋਲਨ ਦੇ ਨਾਲ ਪੰਜਾਬ ਨੂੰ ਨੁਕਸਾਨ ਹੋ ਰਿਹਾ ਹੈ। ਪੰਜਾਬ ਦੀ ਆਰਥਿਕਤਾ ਨੂੰ ਖ਼ਰਾਬ ਨਾ ਕੀਤਾ ਜਾਵੇ ਅਤੇ ਅਸੀਂ ਪੰਜਾਬ ਦੇ ਵਿਕਾਸ ਵੱਲ ਧਿਆਨ ਦੇਈਏ। ਉਨ੍ਹਾਂ ਕਿਹਾ ਕਿ ਮੇਰੀ ਕਿਸਾਨਾਂ ਤੋਂ ਅਪੀਲ ਹੈ ਕਿ ਕਿਸਾਨ ਦਿੱਲੀ, ਹਰਿਆਣਾ ’ਚ ਜਾ ਕੇ ਆਪਣੀ ਲੜਾਈ ਲੜਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀ ਕਾਨੂੰਨਾਂ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦਾ ਸਾਥ ਦਿੱਤਾ ਹੈ, ਰੋਕਿਆ ਨਹੀਂ। ਜੇਕਰ ਪੰਜਾਬ ਰੋਕਦਾ ਤਾਂ ਦਿੱਲੀ ਤੱਕ ਆਵਾਜ਼ ਨਹੀਂ ਸੀ ਪਹੁੰਚਣੀ। ਉਨ੍ਹਾਂ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪਹਿਲਾਂ ਵੀ 127 ਵਾਰ ਸੰਵਿਧਾਨ ’ਚ ਸੋਧ ਹੋ ਚੁੱਕੀ ਹੈ ਅਤੇ ਹੁਣ ਵੀ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ 128ਵੀਂ ਵਾਰ ਸੰਵਿਧਾਨ ’ਚ ਸੋਧ ਕਰ ਸਕਦੀ ਹੈ। ਇਥੇ ਦੱਸ ਦੇਈਏ ਕਿ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ’ਚ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ, ਉਥੇ ਹੀ ਬੇਜ਼ਮੀਨੇ ਕਿਸਾਨ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਲਈ ਚੈੱਕ ਦਿੱਤੇ।