ਨਵੀਂ ਦਿੱਲੀ (ਕਿਰਨ) : ਦੱਖਣੀ ਦਿੱਲੀ ਦੇ ਵਸੰਤ ਕੁੰਜ ਇਲਾਕੇ 'ਚ ਇਕ ਹੀ ਪਰਿਵਾਰ ਦੇ 5 ਮੈਂਬਰ ਉਨ੍ਹਾਂ ਦੇ ਘਰ 'ਚ ਮ੍ਰਿਤਕ ਪਾਏ ਗਏ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਪਿਤਾ ਨੇ ਪਹਿਲਾਂ ਆਪਣੀਆਂ 4 ਬੇਟੀਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ, ਫਿਰ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਇੱਕ ਸੀਸੀਟੀਵੀ ਫੁਟੇਜ ਜਾਰੀ ਕੀਤੀ ਹੈ, ਜਿਸ ਵਿੱਚ ਦੋਸ਼ੀ ਪਿਤਾ ਮਠਿਆਈ ਲੈ ਕੇ ਘਰ ਜਾਂਦਾ ਨਜ਼ਰ ਆ ਰਿਹਾ ਹੈ। ਇਹ ਘਟਨਾ ਵਸੰਤ ਕੁੰਜ ਦੇ ਰੰਗਪੁਰੀ ਪਿੰਡ ਦੀ ਹੈ। ਮਾਮਲਾ ਸ਼ੁੱਕਰਵਾਰ ਨੂੰ ਉਸ ਸਮੇਂ ਸਾਹਮਣੇ ਆਇਆ ਜਦੋਂ ਗੁਆਂਢੀਆਂ ਨੇ ਪੁਲਸ ਨੂੰ ਸੂਚਿਤ ਕੀਤਾ ਕਿ ਫਲੈਟ 'ਚੋਂ ਬਦਬੂ ਆ ਰਹੀ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਫਲੈਟ ਦਾ ਦਰਵਾਜ਼ਾ ਤੋੜਿਆ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਘਰ ਦੇ ਅੰਦਰ ਪੰਜ ਲੋਕਾਂ ਦੀਆਂ ਲਾਸ਼ਾਂ ਪਈਆਂ ਸਨ ਅਤੇ ਇਸ ਵਿੱਚੋਂ ਬਦਬੂ ਆ ਰਹੀ ਸੀ।
ਸਾਹਮਣੇ ਆਈ ਸੀਸੀਟੀਵੀ ਫੁਟੇਜ ਵਿੱਚ ਇੱਕ ਵਿਅਕਤੀ ਮਠਿਆਈ ਦਾ ਪੈਕੇਟ ਲੈ ਕੇ ਘਰ ਦੇ ਅੰਦਰ ਜਾ ਰਿਹਾ ਹੈ। ਇਸ ਤੋਂ ਬਾਅਦ ਸੀਸੀਟੀਵੀ ਫੁਟੇਜ 'ਚ ਉਹ ਬਾਹਰ ਆਉਂਦਾ ਦਿਖਾਈ ਨਹੀਂ ਦੇ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੂੰ ਆਖਰੀ ਵਾਰ 24 ਸਤੰਬਰ ਨੂੰ ਦੇਖਿਆ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਉਸ ਨੇ ਪਹਿਲਾਂ ਆਪਣੀਆਂ ਬੇਟੀਆਂ ਨੂੰ ਜ਼ਹਿਰ ਦਿੱਤਾ ਅਤੇ ਫਿਰ ਖੁਦਕੁਸ਼ੀ ਕਰ ਲਈ। ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਫੋਰੈਂਸਿਕ ਟੀਮ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਸਬੂਤ ਇਕੱਠੇ ਕੀਤੇ। ਲਾਸ਼ਾਂ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ, ਹਾਲਾਂਕਿ ਘਰ ਦੇ ਅੰਦਰੋਂ ਸਲਫਾਸ ਦੇ ਤਿੰਨ ਪੈਕੇਟ, ਪੰਜ ਗਲਾਸ ਅਤੇ ਸ਼ੱਕੀ ਤਰਲ ਵਾਲਾ ਇੱਕ ਚਮਚਾ ਮਿਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਅਤੇ ਸਾਰੇ ਪਹਿਲੂਆਂ ਤੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।