ਨਿਊਜ਼ ਡੈਸਕ (ਰਿੰਪੀ ਸ਼ਰਮਾ) : PM ਨਰਿੰਦਰ ਮੋਦੀ ਦੇ ਜਲੰਧਰ ਫੇਰੀ ਤੋਂ ਪਹਿਲਾਂ ਵੱਖ ਥਾਵਾਂ ਉੱਤੇ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਹੀ ਡੱਕਿਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਪੀਐੱਮ ਮੋਦੀ ਦੀ ਅੱਜ ਦੀ ਫੇਰੀ ਦੇ ਵਿਰੋਧ ਵਿੱਚ ਪੁਤਲੇ ਫੂਕਣ ਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੁਲਿਸ ਨੇ ਪਹਿਲਾਂ ਹੀ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਬੰਦ ਕਰਨ ਦੀਆਂ ਖ਼ਬਰਾਂ ਮਿਲ ਰਹੀਆਂ ਹਨ।
ਜਲੰਧਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਕਸਬੇ ਦੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬੁਲਾਰੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਅਤੇ ਯੂਥ ਪ੍ਰਧਾਨ ਅਮਰਜੋਤ ਸਿੰਘ ਜੋਤੀ ਨੂੰ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਨਾਲ ਤੜਕੇ ਹੀ ਘਰਾਂ ਵਿਚ ਕੈਦ ਕਰ ਲਿਆ। ਇਸ ਸਬੰਧੀ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਤੇ ਯੂਥ ਪ੍ਰਧਾਨ ਜੋਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ 700ਤੋਂ ਵੱਧ ਸ਼ਹੀਦ ਕਿਸਾਨਾਂ ਦੇ ਅੰਦੋਲਨ ਦੌਰਾਨ ਮਾਰੇ ਗਏ ਸਨ ਪਰ ਪ੍ਰਧਾਨਮੰਤਰੀ ਅਜੇ ਤੱਕ ਕਿਸਾਨਾਂ ਨੂੰ ਸ਼ਹੀਦ ਨਹੀਂ ਐਲਾਨਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਵੀ ਨਹੀਂ ਦਿੱਤਾ। ਜਿਸਦਾ ਵਿਰੋਧ ਕਿਸਾਨ ਜਥੰਬਦੀਆਂ ਵੱਲੋਂ ਲਗਾਤਾਰ ਜਾਰੀ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਘਰਾਂ ਦੇ ਬਾਹਰ ਖੜ੍ਹੀ ਪੁਲਿਸ ਉਨ੍ਹਾਂ ਨੂੰ ਘਰਾਂ ਵਿੱਚ ਬੰਦ ਕਰਨ ਦਾ ਕੋਈ ਕਾਰਨ ਵੀ ਨਹੀਂ ਦੱਸ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਦੇ ਕਰੀਬ 1000 ਮੁਲਾਜ਼ਮਾਂ ਤੇ ਅਫਸਰਾਂ ਨੇ ਸਵੇਰੇ ਤੜਕੇ ਤੋਂ ਪੂਰੇ ਕਸਬੇ ਦੀ ਘੇਰਾਬੰਦੀ ਕਰ ਦਿੱਤੀ ਹੋਈ ਹੈ ਅਤੇ ਕਿਸੇ ਨੂੰ ਘਰੋਂ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ।