ਨਗਰ ਨਿਗਮ ਦਫ਼ਤਰ ਨੂੰ ਜ਼ਬਰਦਸਤੀ ਤਾਲਾ ਲਾਉਣ ਨੂੰ ਲੈ ਕੇ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਅਰੋੜਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਮੱਦੇਨਜ਼ਰ ਦਰਜ ਕੀਤਾ ਗਿਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਅਮਿਤ ਕੁਮਾਰ ਵਾਸੀ ਸ਼ਾਹੀ ਮੁਹੱਲਾ (ਡੋਮੋਰੀਆ ਪੁਲ) ਲੁਧਿਆਣਾ ਨੇ ਦੱਸਿਆ- ਮੈਂ ਨਗਰ ਨਿਗਮ ਜ਼ੋਨ ਈ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਹਾਂ। ਬੀਤੇ ਮੰਗਲਵਾਰ ਸਵੇਰੇ ਸਾਢੇ 11 ਵਜੇ ਦੇ ਕਰੀਬ ਮੈਂ ਨਗਰ ਨਿਗਮ ਦੇ ਗੇਟ ‘ਤੇ ਤਾਇਨਾਤ ਸੀ। ਇਸ ਦੌਰਾਨ ਉਕਤ ਆਗੂਆਂ ਨੇ ਨਗਰ ਨਿਗਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਮੇਰੇ ਨਾਲ ਹੱਥੋਪਾਈ ਕੀਤੀ। ਜਦੋਂ ਮੈਂ ਉਨ੍ਹਾਂ ਨੂੰ ਰੋਕਿਆ ਤਾਂ ਸਾਰਿਆਂ ਨੇ ਮੈਨੂੰ ਘੇਰ ਲਿਆ। ਜਿਸ ਤੋਂ ਬਾਅਦ ਉਕਤ ਕਾਂਗਰਸੀ ਵਰਕਰਾਂ ਵੱਲੋਂ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਗਿਆ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਉਕਤ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।