ਨਵੇਂ ਸਾਲ ਤੋਂ ਸ਼ੁਰੂ ਹੋਈ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਬੁੱਧਵਾਰ ਨੂੰ ਪੰਜਾਬ ਵਿੱਚ ਆਮ ਜਨਜੀਵਨ ਪ੍ਰਭਾਵਿਤ ਰਿਹਾ। 22 ਸਾਲਾਂ 'ਚ ਇਹ ਪਹਿਲੀ ਵਾਰ ਹੈ ਕਿ ਸੂਬੇ 'ਚ ਨਵੇਂ ਸਾਲ 'ਤੇ ਲਗਾਤਾਰ ਦੋ ਹਫ਼ਤਿਆਂ ਤੋਂ ਵੱਧ ਸਮੇਂ ਤੱਕ ਸੰਘਣੀ ਧੁੰਦ ਛਾਈ ਰਹੀ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ 19 ਜਨਵਰੀ ਤੱਕ ਸੰਘਣੀ ਧੁੰਦ ਅਤੇ ਠੰਢ ਦੇ ਦਿਨਾਂ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਸੀਤ ਲਹਿਰ ਦੀ ਵੀ ਸੰਭਾਵਨਾ ਹੈ। ਬੁੱਧਵਾਰ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲਿਆਂ 'ਚ ਸੰਘਣੀ ਧੁੰਦ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਜਿੱਥੇ ਕਈ ਜ਼ਿਲ੍ਹਿਆਂ ਵਿੱਚ ਜ਼ੀਰੋ ਤੋਂ ਲੈ ਕੇ 50 ਮੀਟਰ ਤੱਕ ਵਿਜ਼ੀਬਿਲਟੀ ਹੋਣ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਸੀਤ ਲਹਿਰ ਕਾਰਨ ਲੋਕ ਘਰਾਂ ਵਿੱਚ ਹੀ ਕੈਦ ਹੋ ਕੇ ਰਹਿ ਗਏ।
ਵਿਗਿਆਨੀਆਂ ਦਾ ਕਹਿਣਾ ਹੈ ਕਿ ਮੀਂਹ ਜਾਂ ਤੇਜ਼ ਹਵਾਵਾਂ ਹੀ ਧੁੰਦ ਤੋਂ ਰਾਹਤ ਦਿਵਾ ਸਕਦੀਆਂ ਹਨ। ਨਵਾਂਸ਼ਹਿਰ ਵਿੱਚ ਵੀ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ, ਲੁਧਿਆਣਾ, ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ ਦੋ ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ, ਪਟਿਆਲਾ, ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਵਿਚਕਾਰ ਰਿਹਾ।
ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਲਗਾਤਾਰ ਧੁੰਦ ਪੈ ਰਹੀ ਹੈ ਅਤੇ ਧੁੱਪ ਨਾ ਨਿਕਲੀ ਤਾਂ ਇਹ ਫ਼ਸਲਾਂ ਲਈ ਨੁਕਸਾਨਦੇਹ ਸਾਬਤ ਹੋਵੇਗੀ | ਜ਼ਿਆਦਾ ਧੁੰਦ ਪੈਣ 'ਤੇ ਕਣਕ ਦੀ ਫ਼ਸਲ ਪੀਲੀ ਪੈ ਸਕਦੀ ਹੈ। ਜ਼ਿਲ੍ਹੇ ਵਿੱਚ 1.73 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਈ ਹੈ। ਆਲੂ ਦੀ ਫਸਲ ਵੀ ਪ੍ਰਭਾਵਿਤ ਹੋ ਸਕਦੀ ਹੈ। ਫਿਲਹਾਲ ਧੁੰਦ ਕਾਰਨ ਸਬਜ਼ੀਆਂ ਦੀ ਫਸਲ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ।