ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਗੈਂਗਸਟਰਾਂ ਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਕਰਨ ਦੇ ਸੰਕੇਤ ਦਿੰਦਿਆਂ ਐਲਾਨ ਕੀਤਾ ਹੈ ਕਿ ਸਰਕਾਰ ਨਸ਼ਾ ਵੇਚਣ ਵਾਲਿਆਂ ਜਾਂ ਗੈਂਗਸਟਰਾਂ ਨੂੰ ਕਿਸੇ ਵੀ ਹਾਲਤ ’ਚ ਬਖਸ਼ਣ ਵਾਲੀ ਨਹੀਂ। ਉਨ੍ਹਾਂ ਕਿਹਾ ਕਿ ਜਿਸ ਇਲਾਕੇ ਵਿਚ ਅਪਰਾਧ ਹੋਵੇਗਾ, ਉਸੇ ਪੁਲਸ ਥਾਣੇ ’ਚ ਕੇਸ ਵੀ ਦਰਜ ਕਰ ਦਿੱਤਾ ਜਾਵੇਗਾ।
ਸਰਹੱਦ ਪਾਰੋਂ ਆਉਂਦੇ ਨਸ਼ੀਲੇ ਪਦਾਰਥਾਂ ਬਾਰੇ ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਪਾਕਿਸਤਾਨ ਨਾਲ ਲੱਗਦੇ ਬਾਰਡਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਨਸ਼ਿਆਂ ਨੂੰ ਲੈ ਕੇ ਪੰਜਾਬ ’ਤੇ ਉਂਗਲ ਚੁੱਕਣੀ ਬੰਦ ਕਰੇ ਅਤੇ ਬਾਰਡਰ ਨੂੰ ਪੂਰੀ ਤਰ੍ਹਾਂ ਸੀਲ ਕਰਨ ਵੱਲ ਧਿਆਨ ਦੇਵੇ।
ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਉਣਾ ਸਹੀ ਨਹੀਂ, ਸਗੋਂ ਪੰਜਾਬ ਪੁਲਸ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਕਰਨ ਅਤੇ ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ ਕਰਨ ’ਚ ਪੂਰੀ ਤਰ੍ਹਾਂ ਸਮਰੱਥ ਹੈ। ਰੰਧਾਵਾ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਸਮਾਜ ਨੂੰ ਵੀ ਅੱਗੇ ਆ ਕੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਸ ਨੂੰ ਦੇਣੀ ਚਾਹੀਦੀ ਹੈ ਤਾਂ ਜੋ ਇਸ ਬੁਰਾਈ ਨੂੰ ਹਮੇਸ਼ਾ ਲਈ ਖਤਮ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਪੁਲਸ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵੱਡੇ ਮਗਰਮੱਛਾਂ ’ਤੇ ਵੀ ਹੱਥ ਪਾਇਆ ਜਾਵੇਗਾ।