ਸਰਕਾਰ-ਵਪਾਰ ਮਿਲਣੀ ਦੀ ਮੁੱਖ ਮੰਤਰੀ ਮਾਨ ਵੱਲੋਂ ਸ਼ੁਰੂਆਤ, ਕੀਤੇ ਵੱਡੇ ਐਲਾਨ

by jaskamal

ਪੱਤਰ ਪ੍ਰੇਰਕ : ਸਮਾਜ ਦੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਕਾਰੋਬਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਵਪਾਰ ਮਿਲਣੀ’ ਦੀ ਸ਼ੁਰੂਆਤ ਕੀਤੀ।

ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ : ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੀਆ ਅਤੇ ਰੋਜ਼ਗਾਰ ਸਿਰਜਣ ਇੱਕ ਅਜਿਹਾ ਚੱਕਰ ਹੈ, ਜੋ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੁੰਬਈ, ਚੇਨਈ ਅਤੇ ਕਈ ਹੋਰ ਵੱਡੇ ਸ਼ਹਿਰਾਂ ਦਾ ਦੌਰਾ ਕਰਕੇ ਸਨਅਤਕਾਰਾਂ ਨੂੰ ਆਪਣੇ ਉੱਦਮ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਗਏ, ਜਦੋਂ ਸੱਤਾ 'ਚ ਬੈਠੇ ਲੋਕ ਪ੍ਰਾਜੈਕਟਾਂ 'ਚ ਹਿੱਸਾ ਮੰਗਦੇ ਸਨ ਕਿਉਂਕਿ ਹੁਣ ਸਾਰਾ ਧਿਆਨ ਸੂਬੇ ਦੇ ਵਿਕਾਸ ਉਤੇ ਹੈ।

https://twitter.com/BhagwantMann/status/1761364883235348882?ref_src=twsrc%5Etfw%7Ctwcamp%5Etweetembed%7Ctwterm%5E1761364883235348882%7Ctwgr%5E4701e682b99b123be4cef4ef9d28686af3c679bd%7Ctwcon%5Es1_&ref_url=http%3A%2F%2Fnewsroom.etvbharat.org

ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਪੰਜਾਬ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਪੰਜਾਬ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਉਦਯੋਗ ਵੱਡੀ ਪੱਧਰ 'ਤੇ ਪੰਜਾਬ ਆ ਰਹੇ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਆਗੂ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਾਰੋਬਾਰਾਂ ਲਈ ਸਮਝੌਤੇ ਸੱਤਾ ਵਿੱਚ ਬੈਠੇ ਸਿਆਸੀ ਪਰਿਵਾਰਾਂ ਨਾਲ ਕੀਤੇ ਜਾਂਦੇ ਸਨ ਪਰ ਹੁਣ ਇਹ ਸਮਝੌਤੇ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੇ ਜਾਂਦੇ ਹਨ।

ਹਰ ਕਾਰਜ ਸਮਾਜ ਦੇ ਹਰ ਵਰਗ ਦੀ ਭਲਾਈ ਲਈ: ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਹੱਕਾਂ ਅਤੇ ਹਿੱਤਾਂ ਦੇ ਰਾਖੇ ਹਨ, ਜਿਸ ਕਾਰਨ ਉਨ੍ਹਾਂ ਦਾ ਹਰ ਕਾਰਜ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਹੜੇ ਆਗੂ ਸੂਬੇ ਦੀ ਸੱਤਾ 'ਤੇ ਕਾਬਜ਼ ਰਹੇ, ਉਨ੍ਹਾਂ ਨੇ ਪਹਿਲਾਂ ਸੂਬੇ ਨੂੰ ਬਰਬਾਦ ਕਰਕੇ ਵੱਡੀ ਜਾਇਦਾਦ ਇਕੱਠੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਟਰਾਂਸਪੋਰਟ, ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ਵਿੱਚ ਦਿਲਚਸਪੀ ਸੀ, ਜਿਸ ਕਾਰਨ ਇਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ।

https://twitter.com/BhagwantMann/status/1761373624592654621?ref_src=twsrc%5Etfw%7Ctwcamp%5Etweetembed%7Ctwterm%5E1761373624592654621%7Ctwgr%5E4701e682b99b123be4cef4ef9d28686af3c679bd%7Ctwcon%5Es1_&ref_url=http%3A%2F%2Fnewsroom.etvbharat.org

ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਚੱਲ ਰਹੀ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਵਿਸ਼ੇਸ਼ ਆਰਥਿਕ ਖਿੱਤਿਆਂ (ਐਸ.ਈ.ਜ਼ੈੱਡਜ਼) ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਕਰੀਬ 2 ਕਰੋੜ ਰੁਪਏ ਦੀ ਟਰਨਓਵਰ ਵਾਲੇ ਵਪਾਰੀ ਸਿਹਤ ਬੀਮਾ ਕਵਰ ਲਈ ਯੋਗ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਵੀ ਅਧਿਕਾਰੀਆਂ ਕੋਲ ਉਠਾਇਆ ਜਾਵੇਗਾ ਅਤੇ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੀਆਂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਤਕਨੀਕਾਂ ਦੇ ਆਧਾਰ 'ਤੇ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਪਾਰੀਆਂ ਅਤੇ ਉਦਯੋਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਕੈਬਨਿਟ ਰੈਂਕ ਦੇ ਚੇਅਰਮੈਨ ਅਧੀਨ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਮਿਸ਼ਨ ਵਿੱਚ ਵੱਖ-ਵੱਖ ਸੈਕਟਰਾਂ ਅਤੇ ਉਦਯੋਗਾਂ ਦੇ ਮੈਂਬਰ ਹੋਣਗੇ ਤਾਂ ਜੋ ਉਦਯੋਗਾਂ ਸਬੰਧੀ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਦਯੋਗਾਂ ਅਤੇ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਸੁਚਾਰੂ ਨਿਪਟਾਰਾ ਯਕੀਨੀ ਬਣਾਉਣ ਵਿੱਚ ਕਾਫ਼ੀ ਮਦਦ ਮਿਲੇਗੀ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਈ-ਮੇਲ [email protected] ਅਤੇ ਹੈਲਪਲਾਈਨ ਨੰਬਰ 8194891948 ਜਾਰੀ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਵਪਾਰੀ ਆਪਣੇ ਮਸਲੇ ਰੱਖ ਸਕਦੇ ਹਨ। (ਪ੍ਰੈਸ ਨੋਟ)