ਬੁਢਲਾਡਾ (ਕਰਨ) - ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਾਲੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਧਰਨੇ ਦੇ ਅੱਜ 239 ਵੇਂ ਦਿਨ ਮੋਦੀ ਸਰਕਾਰ ਵਿਰੋਧੀ ਨਾਅਰੇ ਗੂੰਜ ਪਾਉਂਦੇ ਰਹੇ ਅਤੇ ਅੰਦੋਲਨਕਾਰੀ ਕਿਸਾਨਾਂ ਨੇ ਤਿੱਖੀ ਨਾਅਰੇਬਾਜ਼ੀ ਵੀ ਕੀਤੀ ।
ਅੱਜ ਕਿਸਾਨਾਂ ਦੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ ( ਡਕੌਂਦਾ ) ਦੇ ਬਲਾਕ ਪ੍ਰਧਾਨ ਸਤਪਾਲ ਸਿੰਘ ਬਰੇ , ਤੇਜ ਰਾਮ ਅਹਿਮਦਪੁਰ, ਨਛੱਤਰ ਅਹਿਮਦਪੁਰ, ਸਵਰਨ ਸਿੰਘ ਬੋੜਾਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੁਆਰਾ ਕਾਲੇ ਕਾਨੂੰਨ ਨਾ ਰੱਦ ਕਰਨ ਦੀ ਅੜੀ ਕੀਤੇ ਜਾਣ ਤੋਂ ਸਪੱਸ਼ਟ ਹੈ ਕਿ ਸਰਕਾਰ ਅਜਿਹਾ ਕਰਕੇ ਕਾਰਪੋਰੇਟ ਅਤੇ ਬਹੁਕੌਮੀ ਕਾਰਪੋਰੇਸ਼ਨਾਂ ਦੇ ਦਬਾਅ ਥੱਲੇ ਹੈ। ਉਹਨਾ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਵਿਧਾਨ ਦੇ ਉਲਟ ਜਾ ਕੇ ਇਨ੍ਹਾਂ ਕਾਨੂੰਨਾਂ ਸਬੰਧੀ ਫ਼ੈਸਲਾ ਕਰਨਾ ਭਾਰਤ ਦੇਸ਼ ਦੇ ਲਈ ਚੰਗਾ ਸੰਕੇਤ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਲਗਪਗ ਛੇ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ਅਤੇ ਕਾਰਪੋਰੇਟ ਘਰਾਣਿਆਂ ਦੇ ਵਪਾਰਕ ਸਥਾਨਾਂ ਦੇ ਬਾਹਰ ਬੈਠੇ ਕਿਸਾਨ ਅੱਜ ਵੀ ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਘਰ ਵਾਪਸੀ ਕਰਨਗੇ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਨਾਂ ਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਉਠਾਉਣ ਲਈ ਜੋ ਹੱਥਕੰਡੇ ਅਪਣਾਏ ਜਾ ਰਹੇ ਸਨ ਉਹ ਵੀ ਫੇਲ੍ਹ ਹੋ ਚੁੱਕੇ ਹਨ। ਅੱਜ ਵੀ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਲਗਾਏ ਮੋਰਚਿਆਂ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਕਿਸਾਨਾਂ ਦੀਆਂ ਜ਼ਮੀਨਾਂ ਹੜਪਣ ਦਾ ਸੁਪਨਾ ਕਦੇ ਵੀ ਸਾਕਾਰ ਨਹੀਂ ਹੋਵੇਗਾ ਅਤੇ ਜਦੋਂ ਤੱਕ ਤਿੰਨੋਂ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਦੇ ਕਿਸਾਨ ਚੁੱਪ ਕਰਕੇ ਨਹੀਂ ਬੈਠਣਗੇ। ਅੱਜ ਦੇ ਧਰਨੇ ਮੋਕੇ ਵੱਡੀ ਗਿਣਤੀ ਵਿੱਚ ਕਿਸਾਨ ਆਦਿ ਨੇ ਸੰਬੋਧਨ ਕੀਤਾ ।