ਪੱਤਰ ਪ੍ਰੇਰਕ : ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ 'ਘਪਲੇ' ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਉਨ੍ਹਾਂ ਖਿਲਾਫ ਜਾਰੀ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦਾ ਰੁਖ ਪੁੱਛਿਆ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਦੀ ਪਟੀਸ਼ਨ ਵਿਚਾਰਨਯੋਗ ਨਹੀਂ ਹੈ। ਪਟੀਸ਼ਨ 'ਚ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਕੁਝ ਵਿਵਸਥਾਵਾਂ ਨੂੰ ਵੀ ਚੁਣੌਤੀ ਦਿੱਤੀ ਗਈ ਹੈ।
ਜਸਟਿਸ ਸੁਰੇਸ਼ ਕੁਮਾਰ ਕੈਤ ਦੀ ਅਗਵਾਈ ਵਾਲੇ ਬੈਂਚ ਨੇ ਇਸ ਸਬੰਧ ਵਿੱਚ ਈਡੀ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਕੇਜਰੀਵਾਲ ਨੇ ਹਾਲ ਹੀ ਵਿੱਚ ਈਡੀ ਦੇ ਸੰਮਨਾਂ ਦੇ ਮੱਦੇਨਜ਼ਰ ਅਦਾਲਤ ਦਾ ਰੁਖ ਕੀਤਾ ਹੈ, ਈਡੀ ਦੁਆਰਾ ਜਾਰੀ ਕੀਤੇ ਗਏ ਨੌਵੇਂ ਸੰਮਨ ਵਿੱਚ ਉਸਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਵਿਵਸਥਾਵਾਂ ਦੇ ਤਹਿਤ ਪੁੱਛਗਿੱਛ ਲਈ 21 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਈਡੀ ਦੇ ਸੰਮਨ 'ਤੇ ਪੇਸ਼ ਕਿਉਂ ਨਹੀਂ ਹੋ ਰਹੇ?
ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਪਟੀਸ਼ਨ ਵਿੱਚ ਕਈ ਮੁੱਦੇ ਉਠਾਏ ਗਏ ਹਨ, ਜਿਸ ਵਿੱਚ ਇਹ ਵੀ ਸ਼ਾਮਲ ਹੈ ਕਿ ਕੀ ਕੋਈ ਸਿਆਸੀ ਪਾਰਟੀ ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਦੇ ਦਾਇਰੇ ਵਿੱਚ ਆਉਂਦੀ ਹੈ ਜਾਂ ਨਹੀਂ। ਅਦਾਲਤ ਨੇ 'ਆਪ' ਆਗੂ ਤੋਂ ਇਹ ਵੀ ਪੁੱਛਿਆ ਕਿ ਉਹ ਸੰਮਨ ਦੀ ਪਾਲਣਾ ਕਰਦਿਆਂ ਪੇਸ਼ ਕਿਉਂ ਨਹੀਂ ਹੋ ਰਹੇ।
ਗ੍ਰਿਫਤਾਰੀ ਤੋਂ ਸੁਰੱਖਿਆ ਦੀ ਲੋੜ
ਪਟੀਸ਼ਨਰ ਦੇ ਸੀਨੀਅਰ ਵਕੀਲ ਨੇ ਕਿਹਾ ਕਿ ਇਸ ਮਾਮਲੇ 'ਚ ਜ਼ਬਰਦਸਤੀ ਕਾਰਵਾਈ ਤੋਂ ਬਚਾਅ ਦੀ ਲੋੜ ਹੈ ਕਿਉਂਕਿ ਚੋਣਾਂ ਨੇੜੇ ਹੋਣ 'ਤੇ ਉਸ (ਕੇਜਰੀਵਾਲ) ਨੂੰ ਗ੍ਰਿਫਤਾਰ ਕਰਨ ਦੀ ਏਜੰਸੀ ਦਾ ਇਰਾਦਾ ਸਪੱਸ਼ਟ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ। ਮੁੱਖ ਮੰਤਰੀ ਨੇ ਈਡੀ ਦੇ ਸੰਮਨਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਏਜੰਸੀ ਅੱਗੇ ਪੇਸ਼ ਹੋਣ ਤੋਂ ਲਗਾਤਾਰ ਇਨਕਾਰ ਕਰ ਦਿੱਤਾ ਹੈ।