ਨਵੀਂ ਦਿੱਲੀ (ਦੇਵ ਇੰਦਰਜੀਤ)- ਸੁਪਰੀਮ ਕੋਰਟ ਸੋਮਵਾਰ ਨੂੰ ਵਿਵਾਦਪੂਰਨ ਖੇਤੀ ਕਾਨੂੰਨਾਂ ਅਤੇ ਦਿੱਲੀ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। ਸੁਪਰੀਮ ਕੋਰਟ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਵਿਚਲੀ ਖੜੋਤ ਤੋੜਨ ਲਈ ਬਣਾਈ ਕਮੇਟੀ ਦੇ ਮੈਂਬਰ ਵੱਲੋਂ ਅਸਤੀਫਾ ਦੇਣ ਬਾਅਦ ਨਵੇਂ ਮੈਂਬਰ ਦੀ ਨਿਯੁਕਤੀ ਵੀ ਕਰ ਸਕਦੀ ਹੈ।
ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਸੁਪਰੀਮ ਕੋਰਟ ਸੋਮਵਾਰ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਤਜਵੀਜ਼ਸ਼ੁਦਾ ਕਿਸਾਨਾਂ ਦੀ ਟ੍ਰੈਕਟਰ ਰੈਲੀ ਖ਼ਿਲਾਫ਼ ਕੇਂਦਰ ਦੀ ਇਕ ਪਟੀਸ਼ਨ 'ਤੇ ਸੁਣਵਾਈ ਕਰਨ ਵਾਲਾ ਹੈ। ਮੁੱਖ ਜੱਜ ਸ਼ਰਦ ਅਰਵਿੰਦ ਬੋਬੜੇ ਦੀ ਨੁਮਾਇੰਦਗੀ ਵਾਲੀ ਤਿੰਨ ਜੱਜਾਂ ਦੀ ਬੈਂਚ ਇਸ ਦੌਰਾਨ ਦਿੱਲੀ ਦੀਆਂ ਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇਕ ਕਿਸਾਨਾਂ ਸਬੰਧੀ ਵੱਖ-ਵੱਖ ਪਟੀਸ਼ਨ 'ਤੇ ਸੁਣਵਾਈ ਕਰੇਗੀ। ਕੇਂਦਰ ਨੇ ਦਿੱਲੀ ਪੁਲਿਸ ਜ਼ਰੀਏ ਦਾਇਰ ਇਕ ਪਟੀਸ਼ਨ 'ਚ ਕਿਹਾ ਹੈ ਕਿ ਗਣਤੰਤਰ ਦਿਵਸ ਸਮਾਗਮ 'ਚ ਅੜਿੱਕਾ ਪਾਉਣ ਲਈ ਤਜਵੀਜ਼ਸ਼ੁਦਾ ਕੋਈ ਵੀ ਰੈਲੀ ਜਾਂ ਵਿਰੋਧ ਨਾਲ ਦੇਸ਼ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਵੇਗਾ।