ਪੱਤਰ ਪ੍ਰੇਰਕ : ਹੁਸ਼ਿਆਰਪੁਰ ਦੇ ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲੇ ਦੌਰਾਨ ਇਕ ਮੁਲਾਜ਼ਮ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜਦੋਂ ਸੀਆਈਏ ਸਟਾਫ ਹੁਸ਼ਿਆਰਪੁਰ ਦੀ ਟੀਮ ਨੇ ਰਾਣਾ ਮਨਸੂਰਪੁਰੀਆ ਦੇ ਘਰ ਛਾਪਾ ਮਾਰਿਆ ਤਾਂ ਉਸ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਸੀਆਈਏ ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਰਾਣਾ ਕੋਲ ਹਥਿਆਰਾਂ ਦਾ ਭੰਡਾਰ ਹੈ, ਫਿਲਹਾਲ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਪੂਰੇ ਇਲਾਕੇ ਦੀ ਵਿੱਚ ਘੇਰਾਬੰਦੀ ਕਰ ਦਿੱਤੀ ਹੈ।
ਹੁਸ਼ਿਆਰਪੁਰ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਰਾਣਾ ਮਨਸੂਰਪੁਰੀਆ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਹਥਿਆਰਾਂ ਸਮੇਤ ਲੁਕਿਆ ਹੋਇਆ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਸਵੇਰੇ ਜਾਲ ਵਿਛਾ ਦਿੱਤਾ। ਜਿਵੇਂ ਹੀ ਦੋਸ਼ੀ ਨੇ ਪੁਲਿਸ ਨੂੰ ਦੇਖਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਵੀ ਜ਼ਖ਼ਮੀ ਹੋ ਗਿਆ ਹੈ ਜੋ ਕਿ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਕਰੀਬ 10 ਚੱਲੇ ਹੋਏ ਖੋਲ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਵੱਖਰੀ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਜਿਸ ਵਿੱਚ ਆਈਪੀਸੀ ਦੀ ਧਾਰਾ 302 ਅਤੇ ਅਸਲਾ ਐਕਟ ਸਮੇਤ ਕਈ ਧਾਰਾਵਾਂ ਜੋੜੀਆਂ ਜਾ ਰਹੀਆਂ ਹਨ।
ਪੁਲਿਸ ਅਨੁਸਾਰ ਇਸ ਗੈਂਗਸਟਰ ਖ਼ਿਲਾਫ਼ ਹੁਸ਼ਿਆਰਪੁਰ ਵਿੱਚ ਪਹਿਲਾਂ ਵੀ ਹਥਿਆਰਾਂ ਦੀ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹਨ। ਗੈਂਗਸਟਰ ਰਾਣਾ ਮੂਲ ਰੂਪ ਤੋਂ ਮੁਕੇਰੀਆ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਹੈ। ਇਹ ਮੁਕਾਬਲਾ ਮਨਸੂਰਪੁਰ ਦੇ ਨਾਲ ਲੱਗਦੇ ਪਿੰਡ ਮਹਿਕਪੁਰ ਨੇੜੇ ਹੋਇਆ।