ਦਿੱਲੀ (ਦੇਵ ਇੰਦਰਜੀਤ) : ਪੰਜਾਬ ਦੇ ਕਈ ਇਲਾਕਿਆਂ ’ਚ ਮੀਂਹ ਪੈਣ ਕਾਰਨ ਕਿਸਾਨਾਂ ਦੀ ਫ਼ਸਲ ਖ਼ਰਾਬ ਹੋ ਗਈ ਹੈ। ਜਿਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚਿੰਤਾ ਜ਼ਾਹਰ ਕੀਤੀ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,‘‘ਪੰਜਾਬ ਦੇ ਕਈ ਇਲਾਕਿਆਂ ’ਚ ਬੇਮੌਸਮੀ ਮੀਂਹ ਪੈਣ ਕਾਰਨ ਕਿਸਾਨਾਂ ਦੀ ਪੱਕੀ ਤਿਆਰ ਫ਼ਸਲ ਖ਼ਰਾਬ ਹੋ ਗਈ ਹੈ।
ਦਿੱਲੀ ਦੇ ਕਿਸਾਨਾਂ ਨੂੰ ਅਸੀਂ 50 ਹਜ਼ਾਰ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੇ ਹਾਂ। ਮੈਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਜੀ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੇ ਕਿਸਾਨਾਂ ਨੂੰ ਵੀ ਉੱਚਿਤ ਮੁਆਵਜ਼ਾ ਜਲਦ ਤੋਂ ਜਲਦ ਦੇਣ।
ਅਰਵਿੰਦ ਕੇਜਰੀਵਾਲ ਨੇ ਬੇਮੌਸਮੀ ਮੀਂਹ ਦੀ ਵਜ੍ਹਾ ਤੋਂ ਫ਼ਸਲਾਂ ਨੂੰ ਪਹੁੰਚੇ ਨੁਕਸਾਨ ਲਈ ਦਿੱਲੀ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 50,000 ਰੁਪਏ ਦੀ ਦਰ ਨਾਲ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੇ ਇਕ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਮਾਲੀਆ ਅਧਿਕਾਰੀ ਬੇਮੌਸਮ ਮੀਂਹ ਤੋਂ ਬਰਬਾਦ ਹੋਈਆਂ ਫ਼ਸਲਾਂ ਦਾ ਸਰਵੇਖਣ ਕਰ ਰਹੇ ਹਨ ਅਤੇ ਇਹ ਕੰਮ ਦੋ ਹਫ਼ਤਿਆਂ ਅੰਦਰ ਪੂਰਾ ਹੋ ਜਾਵੇਗਾ।
ਦੋ ਮਹੀਨਿਆਂ ਦੇ ਅੰਦਰ ਹੀ ਪ੍ਰਭਾਵਿਤ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੀ ਦਰ ਨਾਲ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਅਸੀਂ ਸਿਰਫ਼ ਐਲਾਨ ਹੀ ਨਹੀਂ ਕੀਤਾ, ਸਗੋਂ ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਇਕ-ਦੋ ਮਹੀਨੇ ਦੇ ਅੰਦਰ ਕਿਸਾਨਾਂ ਦੇ ਖਾਤੇ ਵਿਚ ਪੈਸਾ ਚਲਾ ਜਾਵੇ।