ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਜਾਇਜ਼ ਰੇਤ ਮਾਈਨਿੰਗ ਅਤੇ ਅਫਸਰਾਂ ਦੀ ਟ੍ਰਾਂਸਫਰ ਤੇ ਪੋਸਟਿੰਗ ਨਾਲ ਕਰੋੜਾਂ ਰਪਏ ਦੀ ਕਮਾਈ ਦੇ ਦੋਸ਼ਾਂ 'ਚ ਘਿਰ ਗਏ ਹਨ। ਈ. ਡੀ. ਨੇ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਤੋਂ ਈ. ਡੀ. ਦੀ ਟੀਮ ਨੇ 10 ਕਰੋੜ ਰੁਪਏ ਸਮੇਤ ਕੁਝ ਹੋਰ ਸਮਾਨ ਵੀ ਬਰਾਮਦ ਕੀਤਾ ਸੀ ਅਤੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਨੀ ’ਤੇ ਦੋਸ਼ ਹੈ ਕਿ ਉਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਇਸ਼ਾਰੇ ’ਤੇ ਨਜਾਇਜ਼ ਰੇਤ ਮਾਈਨਿੰਗ ਕਰਵਾਈ ਹੈ।
ਈ. ਡੀ. ਨੇ ਹਨੀ ਨੂੰ ਗ੍ਰਿਫ਼ਤਾਰ ਕੀਤਾ ਉਦੋਂ ਚੰਨੀ ਮੁੱਖ ਮੰਤਰੀ ਸਨ ਅਤੇ ਸੂਬੇ ਵਿਚ ਵਿਧਾਨ ਸਭਾ ਚੋਣਾਂ ਸਨ। ਉਸ ਸਮੇਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੇ ਜੇਕਰ ਕੋਈ ਗਲਤ ਕੰਮ ਕੀਤਾ ਹੈ ਤਾਂ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਹੁਣ ਜਦੋਂ ਈ. ਡੀ. ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵੀ ਸੰਮਨ ਭੇਜ ਕੇ ਤਲਬ ਕਰ ਲਿਆ ਹੈ ਤਾਂ ਇਸ ਨਾਲ ਪੰਜਾਬ ਦੀ ਸਿਆਸਤ ਭਖਣੀ ਲਾਜ਼ਮੀ ਹੈ।