
ਚੰਡੀਗੜ੍ਹ (ਰਾਘਵ): ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਗਰਮੀਆਂ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਸੂਬੇ 'ਚ ਅੱਜ ਤੋਂ ਹੀਟ ਵੇਵ ਸ਼ੁਰੂ ਹੋ ਜਾਵੇਗੀ। ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿੱਚ 4 ਦਿਨਾਂ ਤੱਕ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ, ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਦੇ ਨੇੜੇ ਵੀ ਪਹੁੰਚ ਗਿਆ ਹੈ।
ਬੀਤੇ ਦਿਨ ਜ਼ਿਲ੍ਹਾ ਬਠਿੰਡਾ ਵਿੱਚ ਤਾਪਮਾਨ 37.5 ਡਿਗਰੀ ਦਰਜ ਕੀਤਾ ਗਿਆ ਸੀ, ਜੋ ਸੂਬੇ ਵਿੱਚ ਸਭ ਤੋਂ ਵੱਧ ਸੀ। ਇਸੇ ਤਰ੍ਹਾਂ ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਵੀ 15 ਨੂੰ ਪਾਰ ਕਰ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ 'ਚ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਤਾਪਮਾਨ ਆਮ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਹੈ। ਵਿਭਾਗ ਮੁਤਾਬਕ ਅਗਲੇ 4 ਦਿਨਾਂ 'ਚ ਤਾਪਮਾਨ 'ਚ 2 ਤੋਂ 4 ਡਿਗਰੀ ਦਾ ਵਾਧਾ ਹੋ ਸਕਦਾ ਹੈ, ਜਿਸ ਕਾਰਨ ਗਰਮੀ ਹੋਰ ਵਧੇਗੀ। ਵਿਭਾਗ ਵੱਲੋਂ ਅੱਜ ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਮੰਗਲਵਾਰ ਨੂੰ ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਐੱਸ. ਨਗਰ, ਰੂਪਨਗਰ, ਸ੍ਰੀ ਫਤਿਹਗੜ੍ਹ ਸਾਹਿਬ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।