ਨਿਊਜ਼ ਡੈਸਕ : ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਪਿਛਲੀ ਸੂਬਾ ਸਰਕਾਰ ਵੱਲੋਂ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਵਾਉਣ ਲਈ ਵੱਡੀ ਗਿਣਤੀ 'ਚ ਨੌਜਵਾਨ ਧਰਨਾ ਦੇਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਪੁੱਜੇ। ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਵੱਡੀ ਗਿਣਤੀ 'ਚ ਨੌਜਵਾਨਾਂ ਲਈ ਕਾਂਸਟੇਬਲਾਂ ਦੀ ਆਸਾਮੀਆਂ ਕੱਢੀਆਂ ਸਨ ਤੇ ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਆ ਗਈਆਂ ਤੇ ਇਹ ਭਰਤੀ ਪ੍ਰਕਿਰਿਆ ਅੱਧ ਵਿਚਕਾਰ ਹੀ ਲਟਕ ਗਈ।
ਇਸ ਭਰਤੀ 'ਚ ਵੱਡੀ ਗਿਣਤੀ ਵਿਚ ਨੌਜਵਾਨ ਮੁੰਡੇ-ਕੁੜੀਆਂ ਨੇ ਹਿੱਸਾ ਲਿਆ ਸੀ ਤੇ ਹੁਣ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਰਹੇ ਹਨ ਕਿ ਇਹ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇ ਅਤੇ ਜਲਦ ਜੁਆਇਨਿੰਗ ਕਰਵਾਈ ਜਾਵੇ। ਇਸ ਮੌਕੇ ਪੰਜਾਬ ਸਰਕਾਰ ਨੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹੋਏ ਹਨ। ਪ੍ਰਦਰਸ਼ਨਕਾਰੀਆਂ ਨੂੰ ਰਿਹਾਇਸ਼ ਤੋਂ ਦੂਰ ਹੀ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਦੀ ਮੰਗ ਕਰ ਰਹੇ ਸਨ।