ਸ਼੍ਰੀਨਗਰ (ਜਸਪ੍ਰੀਤ) : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਕੋਕਰਨਾਗ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਹੈ। ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਲਾਕੇ 'ਚ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਵੱਡੇ ਪੱਧਰ 'ਤੇ ਸੁਰੱਖਿਆ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਫੌਜ ਨੇ ਸ਼੍ਰੀਨਗਰ ਦੇ ਖਾਨਯਾਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਦੀ ਜਾਣਕਾਰੀ ਦਿੱਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਸ਼ਨੀਵਾਰ ਸਵੇਰੇ ਖਾਨਯਾਰ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਜਾਰੀ ਹੈ, ਪਰ ਅਜੇ ਤੱਕ ਕਿਸੇ ਵੀ ਪਾਸੇ ਤੋਂ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।