ਅੰਮ੍ਰਿਤਸਰ (ਦੇਵ ਇੰਦਰਜੀਤ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੇ ਏਅਰਪੋਰਟ ਪਹੁੰਚ ਗਏ ਹਨ। ਅਰਵਿੰਦ ਕੇਜਰੀਵਾਲ 2 ਦਿਨ ਦੇ ਦੌਰੇ ’ਤੇ ਪੰਜਾਬ ਆਏ ਹੋਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਮਰਹੂਮ ਲੀਡਰ ਸੇਖਵਾ ਸੇਵਾ ਸਿੰਘ ਸੇਖਵਾ ਦੇ ਘਰ ਪਿੰਡ ਸੇਖਵਾਂ ਵਿਖੇ ਜਾ ਰਹੇ ਹਨ, ਜਿਥੇ ਕੇਜਰੀਵਾਲ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਦੁੱਖ ਪ੍ਰਗਟ ਕੀਤਾ ਜਾਵੇਗਾ। ਇਸ ਮੌਕੇ ਕੇਜਰੀਵਾਲ ਦੇ ਨਾਲ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਵਿਸ਼ੇਸ਼ ਤੌਰ ’ਤੇ ਮੌਜੂਦ ਹਨ।
ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦੇ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਵਲੋਂ ਟਵੀਟ ਕਰਕੇ ਦੱਸਿਆ ਗਿਆ ਸੀ। ਟਵੀਟ ’ਚ ਰਾਘਵ ਚੱਢਾ ਨੇ ਲਿਖਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ ਅੰਮ੍ਰਿਤਸਰ ਆ ਰਹੇ ਹਨ।
ਦੂਜੇ ਪਾਸੇ ਕੇਜਰੀਵਾਲ ਦੇ ਪੰਜਾਬ ਆਉਣ ਨਾਲ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਰਹੀਆਂ ਹਨ ਕਿ ਸ਼ਾਇਦ ਇਸ ਵਾਰ ਉਹ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦੇਣ।