ਨਵੀਂ ਦਿੱਲੀ (ਦੇਵ ਇੰਦਰਜੀਤ)- ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ ਦੇ ਖਿਲਾਫ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਟ੍ਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ਅਤੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਹੋਈ ਹਿੰਸਾ ਦੌਰਾਨ ਕਿਸਾਨਾਂ ਦੇ ਲਾਪਤਾ ਹੋਣ ਦਾ ਮਾਮਲਾ ਪੰਜਾਬ ਵਿਚ ਰਾਜਨੀਤਿਕ ਤੌਰ ਤੇ ਗਰਮ ਹੋਣ ਲੱਗ ਪਿਆ ਹੈ। ਰਾਜ ਭਰ ਦੀਆਂ ਕਿਸਾਨ ਜੱਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੇ 400 ਤੋਂ ਵੱਧ ਕਿਸਾਨਾਂ ਅਤੇ ਨੌਜਵਾਨਾਂ ਦੇ ਲਾਪਤਾ ਹੋਣ ਦਾ ਦੋਸ਼ ਲਾਇਆ ਹੈ ਅਤੇ ਇਸ ਸਬੰਧ ਵਿੱਚ ਦਿੱਲੀ ਪੁਲਿਸ ਵੱਲ ਧਿਆਨ ਦਿੱਤਾ ਜਾ ਰਿਹਾ ਹੈ।
ਪੰਜਾਬ ਨਾਲ ਜੁੜੀਆਂ ਕਈ ਕਿਸਾਨ ਸੰਗਠਨਾਂ ਅਤੇ ਧਾਰਮਿਕ ਸੰਸਥਾਵਾਂ ਨੇ ਦੋਸ਼ ਲਾਇਆ ਹੈ ਕਿ ਦਿੱਲੀ ਹਿੰਸਾ ਦੌਰਾਨ 400 ਤੋਂ ਵੱਧ ਨੌਜਵਾਨ ਅਤੇ ਬਜ਼ੁਰਗ ਕਿਸਾਨ ਲਾਪਤਾ ਹਨ। ਅੰਮ੍ਰਿਤਸਰ ਵਿਚ ਖਾਲੜਾ ਮਿਸ਼ਨ ਨੇ ਦੋਸ਼ ਲਾਇਆ ਹੈ ਕਿ ਸਾਰੇ ਲਾਪਤਾ ਵਿਅਕਤੀ ਦਿੱਲੀ ਪੁਲਿਸ ਦੀ ਗੈਰਕਾਨੂੰਨੀ ਹਿਰਾਸਤ ਵਿਚ ਹਨ। ਮਿਸ਼ਨ ਨੇ ਇਸ ਮਾਮਲੇ ਵਿਚ ਸੋਮਵਾਰ ਨੂੰ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਫੈਸਲਾ ਕੀਤਾ ਹੈ ।
ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੇ ਜਾਂਚ ਅਧਿਕਾਰੀ ਸਰਬਜੀਤ ਸਿੰਘ ਵੇਰਕਾ ਨੇ ਦਿੱਲੀ ਪੁਲਿਸ ਨੂੰ ਸਵਾਲ ਕੀਤਾ ਕਿ ਕਿਸੇ ਵੀ ਵਿਅਕਤੀ ਨੂੰ ਬਿਨਾਂ ਕੇਸ ਦੇ ਲੰਬੇ ਸਮੇਂ ਲਈ ਹਿਰਾਸਤ ਵਿੱਚ ਨਹੀਂ ਲਿਆ ਜਾ ਸਕਦਾ, ਇਸ ਲਈ ਫੜੇ ਗਏ ਲੋਕਾਂ ਬਾਰੇ ਨੂੰ ਜਾਣਕਾਰੀ ਦਿਓ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਲਿਜਾਣ ਲਈ ਵੀ ਪੂਰੀ ਤਿਆਰੀ ਕਰ ਲਈ ਗਈ ਹੈ।