“ਤੈਨੂੰ ਦਿੱਲੀਏ ਨੀ ਜਿੱਤ ਕੇ ਪੰਜਾਬ ਚੱਲੇ ਆਂ”; ਸਿੰਘੂ ਬਾਰਡਰ ‘ਤੇ ਚੱਲਦੇ ਰਹੇ ਗੀਤ, ਕਿਸਾਨ ਆਗੂਆਂ ਵੱਲੋਂ ਮੋਰਚਾ ਚੁੱਕਣ ਦਾ ਐਲਾਨ…
ਨਿਊਜ਼ ਡੈਸਕ (ਜਸਕਮਲ) : ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਦੇ ਬਾਰਡਰਾਂ ’ਤੇ ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਚੱਲ ਰਹੇ ਆਪਣੇ ਮੋਰਚੇ ਨੂੰ ਚੁੱਕਣ ਦਾ ਅੱਜ ਰਸਮੀ ਐਲਾਨ ਕਰ ਦਿੱਤਾ ਹੈ। ਮੋਰਚੇ ਵੱਲੋਂ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਮੇਤ ਪੰਜਾਬ ਤੋਂ ਬਾਹਰ ਲੱਗੇ ਹੋਰ ਮੋਰਚੇ ਵੀ 11 ਦਸੰਬਰ ਤੋਂ ਖਾਲੀ ਕੀਤੇ ਜਾਣਗੇ। ਦਿੱਲੀ ਦੇ ਮੋਰਚਿਆਂ ਤੋਂ 11 ਦਸੰਬਰ ਨੂੰ ਫ਼ਤਹਿ ਮਾਰਚ ਨਾਲ ਕਿਸਾਨਾਂ ਦੀ ਘਰਾਂ ਨੂੰ ਵਾਪਸੀ ਹੋਵੇਗੀ। ਕਿਸਾਨਾਂ ਦੀਆਂ ਬਕਾਇਆ ਮੰਗਾਂ ਸਵੀਕਾਰ ਕਰਨ ਬਾਰੇ ਕੇਂਦਰ ਸਰਕਾਰ ਦੇ ਖੇਤੀਬਾੜੀ ਸੱਕਤਰ ਸੰਜੈ ਅਗਰਵਾਲ ਦੇ ਦਸਤਖ਼ਤਾਂ ਵਾਲਾ ਪੱਤਰ ਅੱਜ ਮਿਲਣ ਮਗਰੋਂ ਸੰਯੁਕਤ ਕਿਸਾਨ ਮੋਰਚੇ ਨੇ ਇਹ ਐਲਾਨ ਕੀਤਾ ਜਿਨ੍ਹਾਂ ’ਚ ਅੰਦੋਲਨਕਾਰੀਆਂ ਖ਼ਿਲਾਫ਼ ਪੁਲਿਸ ਕੇਸ ਬਿਨਾਂ ਸ਼ਰਤ ਤੋਂ ਵਾਪਸ ਲੈਣ ਦੀ ਮੰਗ ਵੀ ਸ਼ਾਮਲ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ 15 ਜਨਵਰੀ ਨੂੰ ਮੁੜ ਮੀਟਿੰਗ ਕਰਕੇ ਇਸ ਗੱਲ ਦਾ ਜਾਇਜ਼ਾ ਲੈਣਗੇ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਦੀ ਸਮਾਪਤੀ ਨਹੀਂ ਹੈ ਅਤੇ ਜੇਕਰ ਸਰਕਾਰ ਨੇ ਕੁਝ ਗੜਬੜ ਕੀਤੀ ਤਾਂ ਉਹ ਮੁੜ ਅੰਦੋਲਨ ਕਰਨਗੇ। ਸਰਕਾਰ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਹੈ ਕਿ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਬਾਰੇ ਇਕ ਕਮੇਟੀ ਬਣਾਈ ਜਾਵੇਗੀ ਜਿਸ ’ਚ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਵੀ ਸ਼ਾਮਲ ਹੋਣਗੇ। ਮੋਰਚੇ ਨੇ ਐਲਾਨ ਕੀਤਾ ਕਿ 13 ਦਸੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ’ਚ ਉਹ ਵਿਸ਼ੇਸ਼ ਤੌਰ ’ਤੇ ਮੱਥਾ ਟੇਕਣ ਲਈ ਜਾਣਗੇ।
ਉਥੇ ਹੀ ਦੂਜੇ ਪਾਸੇ ਕਿਸਾਨ ਜਿੱਤ ਦੀ ਖੁਸ਼ੀ ਮਨਾ ਰਹੇ ਹਨ। ਸਰਹੱਦ 'ਤੇ ਨੌਜਵਾਨ ਟਰੈਕਟਰਾਂ 'ਤੇ ਗੀਤ "ਤੈਨੂੰ ਦਿੱਲੀਏ ਨੀ ਜਿੱਤ ਕੇ ਪੰਜਾਬ ਚੱਲੇ ਆ" ਗੂੰਜਦੇ ਰਹੇ।
ਮੋਰਚੇ ਦੀ ਕੋਰ ਕਮੇਟੀ ਦੇ ਮੈਂਬਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ,‘‘ਇਹ ਅੰਦੋਲਨ ਦੀ ਸਮਾਪਤੀ ਨਹੀਂ ਹੈ ਬਲਕਿ ਇਸ ਨੂੰ ਮੁਲਤਵੀ ਕੀਤਾ ਗਿਆ ਹੈ। ਅਸੀਂ 15 ਜਨਵਰੀ ਨੂੰ ਮੁੜ ਬੈਠਕ ਕਰਨ ਦਾ ਫ਼ੈਸਲਾ ਲਿਆ ਹੈ।’’ ਮੋਰਚੇ ਦੇ ਇਕ ਹੋਰ ਮੈਂਬਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ 15 ਜਨਵਰੀ ਨੂੰ ਮੀਟਿੰਗ ਕਰਕੇ ਇਹ ਦੇਖਿਆ ਜਾਵੇਗਾ ਕਿ ਕੀ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਜਾਂ ਨਹੀਂ। ‘ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਅਸੀਂ ਅੰਦੋਲਨ ਸ਼ੁਰੂ ਕਰਨ ਦਾ ਮੁੜ ਸੱਦਾ ਦੇ ਸਕਦੇ ਹਾਂ।’ ਆਗੂਆਂ ਨੇ ਕਿਹਾ ਕਿ ਕਿਸਾਨ 11 ਦਸੰਬਰ ਨੂੰ ਜੇਤੂ ਮਾਰਚ ਵੀ ਕੱਢਣਗੇ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ਤੋਂ ਮੋਰਚੇ ਚੁੱਕਣ ’ਚ ਅਜੇ ਸਮਾਂ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕਾਇਮ ਰਹੇਗਾ। ਕਿਸਾਨਾਂ ਦੀ ਇਤਿਹਾਸਕ ਜਿੱਤ ਕਰਾਰ ਦਿੰਦਿਆਂ ਸ਼ਿਵ ਕੁਮਾਰ ਕੱਕਾ ਨੇ ਅੰਦੋਲਨ ਦੌਰਾਨ ਸਥਾਨਕ ਲੋਕਾਂ ਅਤੇ ਕਾਰੋਬਾਰੀਆਂ ਨੂੰ ਆਈਆਂ ਮੁਸ਼ਕਲਾਂ ਲਈ ਮੋਰਚੇ ਵੱਲੋਂ ਮੁਆਫ਼ੀ ਮੰਗੀ।