ਜਲੰਧਰ (ਰਾਘਵ): ਜਲੰਧਰ-ਪਠਾਨਕੋਟ ਕੌਮੀ ਸ਼ਾਹਰਾਹ ’ਤੇ ਪੈਂਦੇ ਇੱਕ ਪਿੰਡ ਨੇੜੇ ਅੱਜ ਸਵੇਰੇ 6 ਵਜੇ ਦੇ ਕਰੀਬ ਵਾਪਰੇ ਹਾਦਸੇ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਰਾਹਗੀਰਾਂ ਨੇ ਥਾਣਾ ਮਕਸੂਦਾਂ ਦੀ ਪੁਲੀਸ ਨੂੰ ਸੂਚਿਤ ਕੀਤਾ ਅਤੇ ਏ.ਐਸ.ਆਈ. ਰਜਿੰਦਰ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਤੁਰੰਤ ਸੂਚਨਾ ਮਿਲੀ ਕਿ ਕਿਸੇ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਹੈ ਅਤੇ ਵਾਹਨ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਉਸ ਨੇ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਮੁਢਲੀ ਜਾਂਚ 'ਚ ਸਾਹਮਣੇ ਆਇਆ ਕਿ ਇਕ ਅਣਪਛਾਤਾ ਵਿਅਕਤੀ ਸੜਕ ਕਿਨਾਰੇ ਪੈਦਲ ਜਾ ਰਿਹਾ ਸੀ ਤਾਂ ਪਿੱਛੇ ਤੋਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਲਾਸ਼ ਦੇ ਟੁਕੜੇ ਸੜਕ 'ਤੇ ਖਿੱਲਰ ਗਏ ਅਤੇ ਵਾਹਨ ਉਥੋਂ ਲੰਘਦੇ ਰਹੇ। ਮ੍ਰਿਤਕ ਦੀ ਪਛਾਣ ਕਰਨ ਲਈ ਇਲਾਕੇ ਦੇ ਨਾਮਵਰ ਲੋਕਾਂ ਨੂੰ ਬੁਲਾਇਆ ਗਿਆ ਪਰ ਕਿਸੇ ਨੇ ਉਸ ਦੀ ਪਛਾਣ ਨਹੀਂ ਕੀਤੀ। ਏ.ਐਸ.ਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ ਦੇ ਅੰਗਾਂ ਨੂੰ ਕਬਜ਼ੇ 'ਚ ਲੈ ਕੇ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਗਿਆ ਹੈ ਅਤੇ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਆਸ-ਪਾਸ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
by nripost