ਕਿਸਾਨ ਅੰਦੋਲਨ ਦਰਮਿਆਨ ਮਮਤਾ ਬੈਨਰਜੀ ਦੀ ਪੰਜਾਬ ਫੇਰੀ

by jaskamal

ਪੱਤਰ ਪ੍ਰੇਰਕ : ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਸਿਆਸਤ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜਾਬ ਦਾ ਦੌਰਾ ਕਰ ਸਕਦੀ ਹੈ। ਇਸ ਨੂੰ ਲੈ ਕੇ ਕਈ ਚਰਚਾਵਾਂ ਛਿੜ ਗਈਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਉਹ 21 ਫਰਵਰੀ ਨੂੰ ਪੰਜਾਬ ਦਾ ਦੌਰਾ ਕਰ ਸਕਦੀ ਹੈ ਅਤੇ ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਦੌਰਾਨ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਮਮਲਾ ਬੈਨਰਜੀ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਚਰਚਾ ਕਰ ਸਕਦੀ ਹੈ।

ਸੂਤਰਾਂ ਮੁਤਾਬਕ 21 ਫਰਵਰੀ ਨੂੰ ਮਮਤਾ ਬੈਨਰਜੀ ਸਭ ਤੋਂ ਪਹਿਲਾਂ ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੀਆਂ। ਇਸ ਤੋਂ ਬਾਅਦ ਉਹ ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣਗੇ। ਉਨ੍ਹਾਂ ਦਾ ਇਹ ਦੌਰਾ ਲੋਕ ਸਭਾ ਚੋਣਾਂ ਅਤੇ ਕਿਸਾਨ ਅੰਦੋਲਨ ਦਰਮਿਆਨ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।