ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੀ ਮੁੱਖ ਵਿਰੋਧੀ ਪਾਰਟੀ ਮੁਸਲਿਮ ਲੀਗ-ਨਵਾਜ਼ ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਨੇ ਇਮਰਾਨ ਖ਼ਾਨ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਇਮਰਾਨ ਖਾਨ ਸਰਕਾਰ ਦੇ ਇਲੈਕਟ੍ਰਾਨਿਕ ਕ੍ਰਾਈਮ ਪ੍ਰੀਵੈਨਸ਼ਨ ਐਕਟ 'ਚ ਸੋਧ ਕਰਨ ਦੇ ਫੈਸਲੇ 'ਤੇ ਸਵਾਲ ਚੁੱਕੇ ਹਨ। ਮਰੀਅਮ ਨਵਾਜ਼ ਨੇ ਕਿਹਾ ਕਿ ਪੀਟੀਆਈ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਕਾਨੂੰਨ ਪਾਸ ਕੀਤਾ ਜਾ ਰਿਹਾ ਹੈ, ਉਸ ਦੀ ਵਰਤੋਂ ਭਵਿੱਖ ਵਿੱਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਐਂਡ ਕੰਪਨੀ ਖ਼ਿਲਾਫ਼ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਇਸ ਆਰਡੀਨੈਂਸ ਤਹਿਤ ਸਰਕਾਰੀ ਅਦਾਰਿਆਂ ਦੀ ਆਲੋਚਨਾ ਕਰਨ 'ਤੇ ਪੰਜ ਸਾਲ ਤਕ ਦੀ ਸਜ਼ਾ ਹੋ ਸਕਦੀ ਹੈ। ਨਵੇਂ ਕਾਨੂੰਨ ਤਹਿਤ ਆਉਣ ਵਾਲੇ ਕੇਸਾਂ ਦੀ ਨਿਗਰਾਨੀ ਦਾ ਕੰਮ ਹਾਈ ਕੋਰਟ ਕੋਲ ਹੋਵੇਗਾ ਅਤੇ ਹੇਠਲੀਆਂ ਅਦਾਲਤਾਂ ਨੂੰ ਛੇ ਮਹੀਨਿਆਂ ਵਿੱਚ ਮਾਮਲੇ ਦਾ ਨਿਪਟਾਰਾ ਕਰਨਾ ਹੋਵੇਗਾ।
ਮਰੀਅਮ ਨਵਾਜ਼ ਨੇ ਟਵੀਟ ਕਰਕੇ ਲਿਖਿਆ ਕਿ ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਜੋ ਕਾਨੂੰਨ ਪਾਸ ਕਰ ਰਹੀ ਹੈ, ਉਸ ਦੀ ਵਰਤੋਂ ਭਵਿੱਖ ਵਿੱਚ ਪ੍ਰਧਾਨ ਮੰਤਰੀ ਇਮਰਾਨ ਖਾਨ ਐਂਡ ਕੰਪਨੀ ਦੇ ਖਿਲਾਫ ਕੀਤੀ ਜਾਵੇਗੀ। ਮਰੀਅਮ ਨਵਾਜ਼ ਨੇ ਇਮਰਾਨ ਨੂੰ ਚਿਤਾਵਨੀ ਦਿੱਤੀ ਕਿ ਅੱਗੇ ਇਹ ਨਾ ਕਹਿਣਾ ਕਿ ਤੁਹਾਨੂੰ ਚਿਤਾਵਨੀ ਨਹੀਂ ਦਿੱਤੀ ਗਈ ਸੀ।ਇਮਰਾਨ ਖਾਨ ਸਰਕਾਰ ਨੇ ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤੇ ਦੇ ਨਿਯਮਾਂ 'ਚ ਬਦਲਾਅ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਨਵੇਂ ਕਾਨੂੰਨ ਮੁਤਾਬਕ ਸੰਸਦ ਮੈਂਬਰਾਂ ਅਤੇ ਮੰਤਰੀਆਂ ਨੂੰ ਦੇਸ਼ ਭਰ ਵਿੱਚ ਆਪਣੀ ਪਸੰਦ ਦੇ ਉਮੀਦਵਾਰ ਲਈ ਪ੍ਰਚਾਰ ਕਰਨ ਦੀ ਇਜਾਜ਼ਤ ਹੋਵੇਗੀ।