ਚੰਡੀਗੜ੍ਹ (ਦੇਵ ਇੰਦਰਜੀਤ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਤਕਰੀਬਨ ਦੋ ਘੰਟੇ ਚੱਲੀ ਮੁਲਾਕਾਤ ਖਤਮ ਹੋ ਗਈ । ਮੀਟਿੰਗ ਤੋਂ ਬਾਅਦ ਸਿੱਧੂ ਦੇ ਮਾਮਲੇ ’ਚ ਕੀ ਫ਼ੈਸਲਾ ਲਿਆ ਜਾਂਦਾ ਹੈ, ਇਹ ਅਜੇ ਰਹੱਸ ਬਣਿਆ ਹੋਇਆ ਹੈ। ਹਰ ਕੋਈ ਨਤੀਜੇ ਦੀ ਉਡੀਕ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਅੱਜ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਲਈ ਪੰਜਾਬ ਭਵਨ ਪਹੁੰਚੇ ਸਨ। ਚੰਨੀ ਨਾਲ ਨਵਜੋਤ ਸਿੰਘ ਸਿੱਧੂ ਦੀ ਲੰਮੀ ਮੁਲਾਕਾਤ ’ਚ ਹਰੀਸ਼ ਚੌਧਰੀ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਸਿੱਧੂ ਨੇ ਚੰਨੀ ਸਰਕਾਰ ਵੱਲੋਂ ਕੁਝ ਮੰਤਰੀਆਂ ਅਤੇ ਅਧਿਕਾਰੀਆਂ ਦੀ ਨਿਯੁਕਤੀ ਦੇ ਫ਼ੈਸਲੇ ਤੋਂ ਨਿਰਾਸ਼ ਹੋ ਕੇ ਆਪਣੇ ਕਾਂਗਰਸ ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਹਾਈਕਮਾਨ ਨੇ ਸਿੱਧੂ ਦਾ ਅਸਤੀਫ਼ਾ ਰੱਦ ਕਰ ਦਿੱਤਾ ਅਤੇ ਚੰਨੀ ਸਰਕਾਰ ਨੂੰ ਸਿੱਧੂ ਨੂੰ ਮਨਾਉਣ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਸੀ।
ਇਨ੍ਹਾਂ ਯਤਨਾਂ ਸਦਕਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਦੇ ਇਤਰਾਜ਼ ਨੂੰ ਜਾਣਨ ਅਤੇ ਉਨ੍ਹਾਂ ਨੂੰ ਮਨਾਉਣ ਲਈ ਅੱਜ ਚੰਡੀਗੜ੍ਹ ਬੁਲਾਇਆ ਗਿਆ ਸੀ।