ਲੁਧਿਆਣਾ (ਹਰਮੀਤ) : ਅੱਜ ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਦੀ ਜ਼ਰੂਰੀ ਮੀਟਿੰਗ ਹੋਈ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜਿਹੜਾ ਮੰਗ ਪੱਤਰ 17 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀਆਂ, ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਨੂੰ ਦਿੱਤਾ ਗਿਆ ਹੈ, ਉਹਨਾਂ ਮੰਗਾਂ ਤੇ ਸਰਕਾਰ ਨੂੰ ਜਗਾਉਣ ਲਈ ਦੋ ਸਤੰਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਸਬੰਧੀ ਪ੍ਰਬੰਧਕ ਕਮੇਟੀ, ਸਟੇਜ ਸੰਚਾਲਨ ਕਮੇਟੀ, ਪ੍ਰੈਸ ਕਮੇਟੀ ਅਤੇ ਹੋਰ ਕਮੇਟੀਆਂ ਬਣਾ ਕੇ ਜਥੇਬੰਦੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ। ਸਾਰੀਆਂ ਜਥੇਬੰਦੀਆਂ ਨੇ ਆਪੋ ਆਪਣੀ ਜਥੇਬੰਦੀ ਵੱਲੋਂ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਗਿਣਤੀ ਨੋਟ ਕਰਵਾਈ।
ਮੀਟਿੰਗ ਵਿੱਚ ਮਤਾ ਪਾਸ ਕਰਕੇ ਕੰਗਨਾ ਰਨੌਤ ਦੇ ਸੰਯੁਕਤ ਕਿਸਾਨ ਮੋਰਚਾ ਵਿਰੋਧੀ ਬਿਆਨ ਤੇ ਸਖਤ ਨਰਾਜ਼ਗੀ ਅਤੇ ਗੁੱਸੇ ਦਾ ਇਜ਼ਹਾਰ ਕਰਦੇ ਹੋਏ ਮੰਗ ਕੀਤੀ ਗਈ ਕਿ ਕੰਗਣਾ ਰਨੌਤ ਦੇ ਬਿਆਨ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਫੀ ਮੰਗਣ। ਕੰਗਣਾ ਰਨੌਤ ਅਤੇ ਉਸ ਦੀ ਫਿਲਮ ਦਾ ਸਖਤ ਵਿਰੋਧ ਕੀਤਾ ਜਾਵੇਗਾ।
ਪਿਛਲੇ ਦਿਨੀ ਤਿੰਨ ਕਿਸਾਨ ਆਗੂਆਂ ਨੂੰ ਦਿੱਲੀ ਦੇ ਹਵਾਈ ਅੱਡੇ ਤੇ ਗੈਰ ਕਾਨੂੰਨੀ ਢੰਗ ਨਾਲ ਰੋਕਣ ਅਤੇ ਉਹਨਾਂ ਦੀਆਂ ਟਿਕਟਾਂ ਰੱਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ। ਮੀਟਿੰਗ ਨੇ ਨੋਟ ਕੀਤਾ ਕਿ ਮੋਦੀ ਸਰਕਾਰ, ਸੰਯੁਕਤ ਕਿਸਾਨ ਮੋਰਚੇ ਹੱਥੋਂ ਹੋਈ ਹਾਰ ਦਾ ਬਦਲਾ ਲੈਣ ਲਈ ਹਾਲੇ ਵੀ ਕਿਸਾਨ ਵਿਰੋਧੀ ਕਾਰਵਾਈਆਂ ਕਰਨ ਤੋਂ ਬਾਜ ਨਹੀਂ ਆ ਰਹੀ।
ਇੱਕ ਹੋਰ ਮਤੇ ਰਾਹੀਂ ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਤੇ ਵਧਾਈ ਹੋਈ ਡਿਊਟੀ ਰੱਦ ਕਰਨ ਦੀ ਮੰਗ ਕੀਤੀ ਗਈ ਅਤੇ ਗੰਨੇ ਦੇ ਰੇਟ ਵਿੱਚ ਵਾਧਾ ਕਰਕੇ ਘੱਟੋ ਘੱਟ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ।