ਨਿਊਜ਼ ਡੈਸਕ (ਰਿੰਪੀ ਸ਼ਰਮਾ): ਸਿੱਧੂ ਮੂਸੇਵਾਲਾ ਕਾਂਡ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸ਼ਾਰਪ ਸ਼ੂਟਰ ਕੋਲੋਂ ਮੋਬਾਈਲ ਤੇ ਸਿੰਮ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਦੀ ਚੈਕਿੰਗ ਦੌਰਾਨ ਗੈਂਗਸਟਰਾਂ ਤੋਂ 2 ਫੋਨ ਤੇ 2 ਹੀ ਸਿੰਮ ਬਰਾਮਦ ਹੋਏ ਹਨ । ਗੈਂਗਸਟਰਾਂ ਕੋਲੋਂ ਮੋਬਾਈਲ ਤੇ ਸਿੰਮ ਮਿਲਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ 'ਤੇ ਕਈ ਸਵਾਲ ਖੜੇ ਹੋ ਰਹੇ ਹਨ । ਇਸ ਤਰਾਂ ਦੀ ਸੁਰੱਖਿਆ ਵਿੱਚ ਵੀ ਇਨ੍ਹਾਂ ਦੋਸ਼ੀਆਂ ਕੋਲੋਂ ਮੋਬਾਈਲ ਤੇ ਸਿੰਮ ਕਿਸ ਤਰਾਂ ਪਹੁੰਚੇ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।
ਚੈਕਿੰਗ ਦੌਰਾਨ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਦੋਸ਼ੀ ਦੀਪਕ ਮੰਡੀ, ਫੋਜੀ,ਕੁਲਦੀਪ, ਅੰਕਿਤ ,ਕੇਸ਼ਵ, ਸਚਿਨ ਕੋਲੋਂ ਮੋਬਾਈਲ ਬਰਾਮਦ ਹੋਏ ਹਨ । ਪੁਲਿਸ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਕਿ ਇਨ੍ਹਾਂ ਗੈਂਗਸਟਰਾਂ ਕੋਲ ਜੇਲ੍ਹ ਵਿੱਚ ਮੋਬਾਈਲ ਫੋਨ ਕਿਵੇਂ ਮਿਲੇ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਬੀਤੀ ਦਿਨੀਂ ਭਾਰਤ ਨੇਪਾਲ ਸਰਹੱਦ ਕੋਲੋਂ ਗੈਂਗਸਟਰ ਦੀਪਕ ਮੰਡੀ ਸਮੇਤ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਪੰਜਾਬ ਪੁਲਿਸ ਵਲੋਂ ਇਸ ਮਾਮਲੇ 'ਚ ਦੋਸ਼ੀ ਜਗਰੂਪ ਤੇ ਮਨੂੰ ਦਾ ਐਨਕਾਊਂਟਰ ਕੀਤਾ ਗਿਆ ਸੀ ।