ਚੰਡੀਗੜ੍ਹ (ਹਰਮੀਤ) : 1984 ਦੇ ਦਿੱਲੀ ਸਿੱਖ ਕਤਲੇਆਮ ਮਾਮਲੇ ਵਿੱਚ ਅਦਾਲਤ ਵੱਲੋਂ ਜਗਦੀਸ਼ ਟਾਈਟਲਰ ਨੂੰ ਦੋਸ਼ੀ ਕਰਾਰ ਦਿੱਤੇ ਜਾਣ 'ਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਗਰੇਵਾਲ ਨੇ ਕਿਹਾ ਕਿ ਜਲਦੀ ਹੀ ਅਸਲ ਦੋਸ਼ੀ ਸਾਹਮਣੇ ਆ ਕੇ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਿੱਖ ਕਤਲੇਆਮ ਦੇ ਦੋਸ਼ੀਆਂ 'ਤੇ ਚੁਣ ਚੁਣ ਕੇ ਮੁਕੱਦਮੇ ਚਲਾਏਗੀ। ਕਾਂਗਰਸ 84 ਦੇ ਦੋਸ਼ੀਆਂ ਨੂੰ ਮੰਤਰੀ ਅਹੁਦੇ ਦੇ ਕੇ ਸਨਮਾਨਿਤ ਕਰਦੀ ਰਹੀ ਹੈ, ਜਦੋਂ ਮੋਦੀ ਸਰਕਾਰ ਆਈ ਤਾਂ ਜਾਂਚ ਕਮੇਟੀ ਬਣਾ ਕੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਉਸ ਸਮੇਂ ਦਾ ਕੋਈ ਸਬੂਤ ਹੈ ਤਾਂ ਉਹ ਕੇਂਦਰ ਸਰਕਾਰ ਜਾਂ ਅਦਾਲਤ ਨੂੰ ਦੇਵੇ ਤਾਂ ਜੋ ਉਸ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਸਜ਼ਾ ਦਿੱਤੀ ਜਾ ਸਕੇ।
ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਿੱਖਾਂ ਲਈ ਅਹਿਮ ਕੰਮ ਕਰ ਰਹੀ ਹੈ, ਪਰ ਵਿਰੋਧੀ ਪਾਰਟੀਆਂ ਸਿਆਸੀ ਕਾਰਨਾਂ ਕਰਕੇ ਸਾਨੂੰ ਸਿੱਖ ਵਿਰੋਧੀ ਕਰਾਰ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਸੁਖਬੀਰ ਬਾਦਲ ਦਾ ਨਾਂ ਲੈਂਦਿਆਂ ਉਨ੍ਹਾਂ ਕਿਹਾ ਕਿ ਜਦੋਂ ਅਸੀਂ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ ਤਾਂ ਉਨ੍ਹਾਂ ਨੇ ਕਦੇ ਵੀ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦੀ ਮੰਗ ਨਹੀਂ ਕੀਤੀ ਸੀ ਪਰ ਇਕ ਚੰਗੀ ਸੋਚ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਹੀ ਕਾਲੀ ਸੂਚੀ ਖਤਮ ਕਰ ਦਿੱਤੀ।
ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਉਣਾ, ਸ੍ਰੀ ਕਰਤਾਰਪੁਰ ਸਾਹਿਬ ਦਾ ਰਸਤਾ ਖੋਲ੍ਹਣਾ ਮੋਦੀ ਸਰਕਾਰ ਵੱਲੋਂ ਸਿੱਖਾਂ ਦੇ ਹੱਕ ਵਿੱਚ ਲਏ ਵੱਡੇ ਫੈਸਲੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਮੋਦੀ ਸਰਕਾਰ ਦੇ ਚੰਗੇ ਕੰਮਾਂ ਦੀ ਸ਼ਲਾਘਾ ਨਹੀਂ ਕਰ ਸਕਦੀ। ਉਨ੍ਹਾਂ ਇਹ ਵੀ ਕਿਹਾ ਕਿ ਜੋ ਵੀ ਸਿੱਖਾਂ ਖਿਲਾਫ ਕੰਮ ਕਰੇਗਾ ਉਹ ਦੇਸ਼ ਦੇ ਖਿਲਾਫ ਹੋਵੇਗਾ। ਹਰਜੀਤ ਸਿੰਘ ਗਰੇਵਾਲ ਨੇ ਐਲਾਨ ਕੀਤਾ ਕਿ ਭਾਜਪਾ ਮੋਦੀ ਸਰਕਾਰ ਵੱਲੋਂ ਸਿੱਖਾਂ ਲਈ ਕੀਤੇ ਕੰਮਾਂ ਨੂੰ ਪੰਜਾਬ ਦੇ ਪਿੰਡਾਂ ਤੱਕ ਲੈ ਕੇ ਜਾਵੇਗੀ।
ਉਨ੍ਹਾਂ ਕਿਹਾ ਕਿ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾ ਸਕਦੀ ਹੈ। ਅਸੀਂ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਜਾ ਸਕਦੇ ਹਾਂ। ਲੋਕਾਂ ਨੇ ਬਾਕੀ ਸਾਰੀਆਂ ਪਾਰਟੀਆਂ ਨੂੰ ਅਜ਼ਮਾਇਆ ਹੈ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਵੀ ਹਾਜ਼ਰ ਸਨ।