ਨਿਊਜ਼ ਦੇਖ (ਸਿਮਰਨ) : ਪੰਜਾਬ 'ਚ ਲਗਾਤਾਰ ਲੋਕਾਂ ਵੱਲੋਂ ਸਰਕਾਰ ਦੇ ਖਿਲਾਫ ਆਪਣਾ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਪੰਜਾਬ ਦੇ ਜਿਲਾ ਤਰਨ ਤਾਰਨ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਨਗਰ ਕੌਂਸਲ ਦੇ ਸਫਾਈ ਸੇਵਕ ਯੂਨੀਅਨ ਦੇ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਧਰਨਾ ਲਗਾਇਆ ਗਿਆ। ਜਾਣਕਾਰੀ ਮੁਤਾਬਕ ਸੀਵਰੇਜ ਸੇਵਕ ਯੂਨੀਅਨ ਦੇ ਕਰਮਚਾਰੀਆਂ ਦੇ ਵੱਲੋਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਗੁਹਾਰ ਲਗਾਈ ਜਾ ਰਹੀ ਸੀ ਪਰ ਹਜੇ ਤੱਕ ਉਨ੍ਹਾਂ ਦੀਆਂ ਮੰਗ ਵੱਲ ਪ੍ਰਸ਼ਾਸਨ ਦੇ ਵੱਲੋਂ ਕੋਈ ਧਿਆਨ ਨਹੀਂ ਗਿਆ ਜਿਸ ਕਾਰਨ ਉਨ੍ਹਾਂ ਨੇ ਮਜਬੂਰਨ ਅੱਜ ਦੁਬਾਰਾ ਧਰਨਾ ਲਾਇਆ ਅਤੇ ਸਰਕਾਰ ਨੂੰ ਮੁੜ ਤੋਂ ਆਪਣੀਆਂ ਮੰਗ ਪੂਰੀਆਂ ਕਰਾਉਣ ਲਈ ਗੁਹਾਰ ਲਗਾਈ।
ਧਰਨਾ ਰਹੇ ਸਫਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾ ਵੇਲੇ ਆਪ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਦੇ ਵਿਚ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ ਪਹਿਲ ਦੇ ਅਧਾਰ ਤੇ ਤਰਨਤਾਰਨ ਨਗਰ ਕੌਂਸਲ ਦੇ ਕਰਮਚਾਰੀਆ ਨੁੰ ਪੱਕੇ ਕਰਨਗੇ। ਤੇ ਹੁਣ ਧਰਨਾ ਦੇ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਪੰਜਾਬ 'ਚ ਭਗਵੰਤ ਮਾਨ ਦੀ ਸਰਕਾਰ ਨੂੰ ਲੱਗਭਗ 4 ਮਹੀਨੇ ਹੋ ਗਏ ਹਨ ਪਰ ਹਾਲੇ ਤਕ ਤਰਨਤਾਰਨ ਨਗਰ ਕੌਂਸਲ ਦੇ ਸਫਾਈ ਸੇਵਕਾਂ ਦੀ ਮੰਗ ਵੱਲ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।
ਇਸਦੇ ਨਾਲ ਹੀ ਸੀਵਰੇਜ ਸੇਵਕ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਸੀਵਰੇਜ ਮੈਨ ਦੀ ਘਾਟ ਕਰਨ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਸੂਬਾ ਸਕਰਾਰ ਨੂੰ ਇਹ ਵੀ ਮੰਗ ਕੀਤੀ ਕਿ ਜਲਦ ਤੋ ਜਲਦ ਸੀਵਰੇਜ ਸੇਵਕ ਦੀ ਭਰਤੀ ਕੀਤਾ ਜਾਵੇ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਹਾਲੇ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੰਦੀ ਤਾ ਉਹ ਆਉਣ ਵਾਲੇ ਦਿਨਾਂ 'ਚ ਭੁੱਖ ਹੜਤਾਲ ਕਰਨਗੇ ਅਤੇ ਆਪਣਾ ਪ੍ਰਦਰਸ਼ਨ ਹੋਰ ਤੇਜ਼ ਕਰਨਗੇ।