ਨੰਗਲ ‘ਚ ਵਿਸ਼ਵ ਹਿੰਦੂ ਪ੍ਰੀਸ਼ਦ ਪ੍ਰਧਾਨ ਦਾ ਕਤਲ, ਕਾਨੂੰਨ ਵਿਵਸਥਾ ‘ਤੇ ਸਵਾਲ 

by jaskamal

ਪੱਤਰ ਪ੍ਰੇਰਕ : ਨੰਗਲ ਦੇ ਰੇਲਵੇ ਰੋਡ ਵਿਖੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਦਾ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਘਟਨਾ ਨੇ ਇਲਾਕੇ 'ਚ ਸਨਸਨੀ ਫੈਲਾ ਦਿੱਤੀ ਹੈ। ਇਸ 'ਚ ਖਾਸ ਗੱਲ ਇਹ ਹੈ ਕਿ ਇਸ ਕਤਲ ਬਾਰੇ ਇਲਾਕੇ ਦੇ ਕਿਸੇ ਵੀ ਵਿਅਕਤੀ ਨੂੰ ਪਤਾ ਨਹੀਂ ਲੱਗਾ।

ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਵਿਕਾਸ ਪ੍ਰਭਾਕਰ ਅੱਜ ਸ਼ਾਮ ਆਪਣੀ ਦੁਕਾਨ 'ਤੇ ਬੈਠਾ ਸੀ ਤਾਂ ਉਸ 'ਤੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਅਰਾਮ ਨਾਲ ਮੌਕੇ ਤੋਂ ਫ਼ਰਾਰ ਹੋ ਗਏ। ਜਦੋਂ ਕੋਈ ਗੁਆਂਢੀ ਦੁਕਾਨਦਾਰ ਵਿਕਾਸ ਦੀ ਦੁਕਾਨ ਤੋਂ ਸਮਾਨ ਲੈਣ ਗਿਆ ਤਾਂ ਉਸ ਨੇ ਵਿਕਾਸ ਨੂੰ ਜ਼ਖਮੀ ਹਾਲਤ 'ਚ ਦੇਖਿਆ ਤੇ ਉਸ ਨੇ ਜਾ ਕੇ ਆਪਣੇ ਮਾਲਕ ਨੂੰ ਦੱਸਿਆ। ਇਸ ਤੋਂ ਬਾਅਦ ਦੁਕਾਨਦਾਰ ਮਨੀਸ਼ ਅਤੇ ਹੋਰ ਦੁਕਾਨਦਾਰਾਂ ਨੇ ਵਿਕਾਸ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਡਿਊਟੀ 'ਤੇ ਤੈਨਾਤ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਕਾਰਨ ਪੂਰੇ ਇਲਾਕੇ 'ਚ ਸੋਗ ਦਾ ਮਾਹੌਲ ਹੈ ਅਤੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਿਸ ਨੂੰ ਸੀਸੀਟੀਵੀ ਕੈਮਰੇ 'ਚ ਦੋ ਸ਼ੱਕੀ ਵਿਅਕਤੀ ਨਜ਼ਰ ਆਏ ਹਨ ਜੋ ਐਕਟਿਵਾ 'ਤੇ ਸਵਾਰ ਸਨ ਅਤੇ ਦੋਵਾਂ ਨੇ ਹੈਲਮਟ ਪਾਇਆ ਹੋਇਆ ਸੀ।

ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਅਜੈ ਸਿੰਘ ਅਤੇ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਰਜਨੀਸ਼ ਚੌਧਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ’ਤੇ ਪੁੱਜੇ ਡੀਐਸਪੀ ਅਜੈ ਸਿੰਘ ਨੇ ਕਿਹਾ ਕਿ ਵਿਸਾਖੀ ਮੌਕੇ ਅਜਿਹੀ ਘਟਨਾ ਵਾਪਰਨਾ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਸੀਸੀਟੀਵੀ ਫੁਟੇਜ ਵਿੱਚ ਦੋ ਐਕਟਿਵਾ ਸਵਾਰਾਂ ’ਤੇ ਸ਼ੱਕ ਜਤਾਇਆ ਜਾ ਰਿਹਾ ਹੈ। ਜਿੰਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ।