
ਬਠਿੰਡਾ (ਰਾਘਵ): ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਮੰਗਲਵਾਰ ਨੂੰ ਸੰਗਤ ਮੰਡੀ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਸਰਕਲ ਕੋਟਗੁਰੂ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਬਠਿੰਡਾ ਨੇ ਭ੍ਰਿਸ਼ਟਾਚਾਰ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੇ ਜ਼ਮੀਨ ਦਾ ਇੰਤਕਾਲ ਕਰਨ ਦੇ ਬਦਲੇ ਇਕ ਵਿਅਕਤੀ ਤੋਂ 5,000 ਰੁਪਏ ਦੀ ਰਿਸ਼ਵਤ ਮੰਗ ਕੀਤੀ ਸੀ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸੰਗਤ ਮੰਡੀ ਦੇ ਵਸਨੀਕ ਰਜਿੰਦਰ ਕੁਮਾਰ ਨੇ ਸ਼ਿਕਾਇਤ ਦਿੱਤੀ ਕਿ ਉਸਨੂੰ ਆਪਣੀ ਜ਼ਮੀਨ ਦਾ ਇੰਤਕਾਲ ਕਰਵਾਉਣਾ ਸੀ। ਜਿਸ ਲਈ ਉਹ ਸਬੰਧਤ ਤਹਿਸੀਲ ਗਿਆ ਸੀ ਪਰ ਪਟਵਾਰੀ ਅਤੇ ਨਾਇਬ ਤਹਿਸੀਲਦਾਰ ਉਸਦੀ ਜ਼ਮੀਨ ਦਾ ਇੰਤਕਾਲ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰ ਰਹੇ ਸਨ। ਜਿਸ ਦੇ ਚਲਦੇ ਉਹ ਮੁਲਜਮਾਂ ਨੂੰ 5,000 ਰੁਪਏ ਰਿਸ਼ਵਤ ਦੇਣ ਲਈ ਰਾਜ਼ੀ ਹੋ ਗਿਆ। ਜਿਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਵਿਜੀਲੈਂਸ ਬਿਊਰੋ ਨੂੰ ਦਿੱਤੀ ਗਈ। ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਡੀਐਸਪੀ ਸੰਦੀਪ ਸਿੰਘ ਦੀ ਨਿਗਰਾਨੀ ਹੇਠ ਦੋਸ਼ੀ ਨਿਰਮਲ ਸਿੰਘ ਨਾਇਬ ਤਹਿਸੀਲਦਾਰ ਸੰਗਤ ਅਤੇ ਗੁਰਤੇਜ ਸਿੰਘ ਪਟਵਾਰੀ ਸਰਕਲ ਕੋਟਗੁਰੂ ਨੂੰ ਸ਼ਿਕਾਇਤਕਰਤਾ ਰਜਿੰਦਰ ਕੁਮਾਰ ਨਿਵਾਸੀ ਸੰਗਤ ਮੰਡੀ ਤੋਂ ਜ਼ਮੀਨ ਦਾ ਇੰਤਕਾਲ ਕਰਨ ਦੇ ਬਦਲੇ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਵਾਂ ਮੁਲਜਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।