ਨਵੀਂ ਦਿੱਲੀ (ਦੇਵ ਇੰਦਰਜੀਤ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਰ ਦਿੱਤਾ ਹੈ ਕਿ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋ ਰਹੇ ਪਰ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਉਹ ਹੁਣ ਕਾਂਗਰਸ ਵਿਚ ਵੀ ਨਹੀਂ ਰਹਿਣਗੇ। ਨਿਊਜ਼ ਚੈਨਲ ਨਾਲ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਜਲਦ ਹੀ ਕਾਂਗਰਸ ਛੱਡਣ ਵਾਲੇ ਹਨ।
ਉਹਨਾਂ ਕਿਹਾ ਕਿ ਹੋਰ ਬੇਇੱਜ਼ਤੀ ਨਹੀਂ ਸਹਿ ਹੁੰਦੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 50 ਸਾਲਾਂ ਬਾਅਦ ਮੇਰੀ ਭਰੋਸੇਯੋਗਤਾ 'ਤੇ ਸ਼ੱਕ ਕੀਤਾ ਜਾ ਰਿਹਾ ਹੈ। ਮੈਂ ਇਹ ਸਹਿ ਨਹੀਂ ਸਕਦਾ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕੀਤੀ ਸੀ। ਇਕ ਦਿਨ ਪਹਿਲਾਂ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ ਸਨ, ਇੱਥੇ ਦੋਵਾਂ ਵਿਚਾਲੇ ਕਰੀਬ 45 ਮਿੰਟ ਤੱਕ ਗੱਲਬਾਤ ਹੋਈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਜ਼ਰੀਏ ਜਾਣਕਾਰੀ ਸਾਂਝੀ ਕੀਤੀ ਸੀ।
ਉਹਨਾਂ ਕਿਹਾ, ‘ਦਿੱਲੀ ਵਿਖੇ ਕੇਂਦਰੀ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ ਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਲੰਬੇ ਸਮੇਂ ਤੋਂ ਵਿਰੋਧ ਕਰ ਰਹੇ ਕਿਸਾਨੀ ਸੰਘਰਸ਼ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ। ਇਸ ਦੌਰਾਨ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਾਨੂੰਨਾਂ ਨੂੰ ਰੱਦ ਕਰ ਦੇਣ ਤੇ ਐਮਐਸਪੀ ਦੀ ਗਰੰਟੀ ਦੇਣ ਤੇ ਇਸ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਵਿਚ ਵੀ ਕਿਸਾਨਾਂ ਦਾ ਸਮਰਥਨ ਕਰਨ’। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ।