ਨਿਊਜ਼ ਡੈਸਕ : ਚੰਡੀਗੜ੍ਹ 'ਤੇ ਕੇਂਦਰ ਸਰਵਿਸ ਰੂਲਜ਼ ਲਾਗੂ ਕੀਤੇ ਜਾਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪੰਜਾਬ 'ਚ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋ ਗਈਆਂ ਹਨ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ ਜਾਣ ਦਾ ਮਤਾ ਪਾਸ ਕੀਤਾ ਗਿਆ ਹੈ। ਭਾਜਪਾ ਨੂੰ ਛੱਡ ਕੇ ਸਾਰੀਆਂ ਸਿਆਸੀ ਧਿਰਾਂ ਨੇ ਇਸ ਦੀ ਹਮਾਇਤ ਕੀਤੀ ਸੀ। ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਮਤੇ ਨੂੰ ਲੈ ਕੇ ਸਿਆਸੀ ਗਲਿਆਰਿਆਂ 'ਚ ਨਵੀਂ ਚਰਚਾ ਛਿੜ ਗਈ ਹੈ। ਸਾਰੇ ਸਿਆਸੀ ਆਗੂ ਇਸ ਸਬੰਧੀ ਆਪੋ-ਆਪਣੀ ਰਾਏ ਦਿੰਦੇ ਹਨ।
ਉਧਰ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਿਰਫ ਵਿਧਾਨ ਸਭਾ 'ਚ ਮਤਾ ਪਾਸ ਕਰ ਕੇ ਚੰਡੀਗੜ੍ਹ ਪੰਜਾਬ ਨੂੰ ਨਹੀਂ ਮਿਲੇਗਾ ਕਿਉਂਕਿ ਕੇਂਦਰ ਜਲਦੀ ਹੀ ਪੰਜਾਬ ਦੇ ਪਾਣੀਆਂ 'ਤੇ ਹੋਰ ਡਾਕਾ ਮਾਰਨ ਵਾਲਾ ਹੈ। ਰਾਜੇਵਾਲ ਨੇ ਕਿਹਾ ਕਿ ਪੰਜਾਬ 'ਚ ਧਰਤੀ ਹੇਠਲਾ ਪਾਣੀ ਖ਼ਤਮ ਹੋਣ ਕੰਢੇ ਹੈ। ਸਰਕਾਰ ਦੀ ਗਲਤੀ ਕਾਰਨ ਰਾਵੀ ਦਾ ਪਾਣੀ ਮੁਫ਼ਤ 'ਚ ਪਾਕਿਸਤਾਨ ਜਾ ਰਿਹਾ ਹੈ। ਹੁਣ ਸਮਾਂ ਆ ਗਿਆ ਹੈ ਕਿ ਲੋਕ ਸਰਕਾਰ ਤੋਂ ਦਰਿਆਈ ਪਾਣੀਆਂ ਦਾ ਲੇਖਾ-ਜੋਖਾ ਮੰਗਣ ਤੇ ਪੰਜਾਬ ਅਤੇ ਹਰਿਆਣੇ ਵਿੱਚ ਨਵੇਂ ਸਿਰੇ ਤੋਂ 60:40 ਦੇ ਅਨੁਪਾਤ ਅਨੁਸਾਰ ਪਾਣੀ ਦੀ ਵੰਡ ਦੀ ਮੰਗ ਕਰਨ।