ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ, ਜੋ ਵਨ ਨੇਸ਼ਨ ਵਨ ਇਲੈਕਸ਼ਨ 'ਤੇ ਵਿਚਾਰ ਕਰ ਰਹੀ ਹੈ, ਨੇ ਵੀਰਵਾਰ (14 ਮਾਰਚ) ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ। ਪੈਨਲ ਨੇ ਆਪਣੀ 18,626 ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਨੂੰ ਸੌਂਪੀ। ਇਸ ਵਿਚ ਕਿਹਾ ਗਿਆ ਹੈ ਕਿ ਇਹ ਰਿਪੋਰਟ ਹਿੱਸੇਦਾਰਾਂ ਅਤੇ ਮਾਹਰਾਂ ਦੀ ਸਲਾਹ ਅਤੇ 2 ਸਤੰਬਰ, 2023 ਨੂੰ ਪੈਨਲ ਦੇ ਗਠਨ ਤੋਂ ਬਾਅਦ 191 ਦਿਨਾਂ ਦੀ ਖੋਜ ਦਾ ਨਤੀਜਾ ਹੈ।
ਰਿਪੋਰਟਾਂ ਮੁਤਾਬਕ ਕੋਵਿੰਦ ਕਮੇਟੀ ਨੇ 2029 ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਦੀ ਸਿਫ਼ਾਰਸ਼ ਕੀਤੀ ਹੈ। ਲੋਕ ਸਭਾ, ਵਿਧਾਨ ਸਭਾ ਅਤੇ ਲੋਕਲ ਬਾਡੀ ਚੋਣਾਂ ਲਈ ਵੋਟਰ ਸੂਚੀ ਨੂੰ ਬਣਾਈ ਰੱਖਣ ਦੀ ਗੱਲ ਵੀ ਸਾਹਮਣੇ ਆਈ ਹੈ। ਚੋਣਾਂ ਲਈ ਸੰਵਿਧਾਨ ਵਿੱਚ ਸੋਧ ਦੀ ਸਿਫ਼ਾਰਸ਼ ਕੀਤੇ ਜਾਣ ਦੀ ਵੀ ਸੰਭਾਵਨਾ ਹੈ।ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਾਰੀਆਂ ਧਿਰਾਂ ਲਾਅ ਕਮਿਸ਼ਨ ਦੇ ਪ੍ਰਸਤਾਵ ਨੂੰ ਮੰਨਦੀਆਂ ਹਨ ਤਾਂ ਇਸ ਨੂੰ 2029 ਤੋਂ ਹੀ ਲਾਗੂ ਕੀਤਾ ਜਾਵੇਗਾ। ਨਾਲ ਹੀ, ਇਸਦੇ ਲਈ ਦਸੰਬਰ 2026 ਤੱਕ 25 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ, ਛੱਤੀਸਗੜ੍ਹ ਅਤੇ ਮਿਜ਼ੋਰਮ ਵਿਧਾਨ ਸਭਾਵਾਂ ਦਾ ਕਾਰਜਕਾਲ ਜੂਨ 2029 ਤੱਕ 6 ਮਹੀਨੇ ਵਧਾਇਆ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਸਾਰੇ ਰਾਜਾਂ ਵਿੱਚ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਇੱਕੋ ਸਮੇਂ ਕਰਵਾਈਆਂ ਜਾ ਸਕਦੀਆਂ ਹਨ।