ਕਸ਼ਮੀਰ (ਦੇਵ ਇੰਦਰਜੀਤ) : ਜੰਮੂ ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਮੀਡੀਆ ਕਰਮੀਆਂ ਨਾਲ ਬਦਸਲੂਕੀ ਦੇ ਮਾਮਲੇ ’ਚ ਦੋਸ਼ੀ ਪੁਲਸ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਸ਼੍ਰੀ ਸਿੰਘ ਨੇ ਮੀਡੀਆ ਕਰਮੀਆਂ ਨਾਲ ਬਦਸਲੂਕੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਸੀਨੀਅਰ ਪੁਲਸ ਸੁਪਰਡੈਂਟ ਨੂੰ ਦੋਸ਼ੀ ਪੁਲਸ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਬੁੱਧਵਾਰ ਨੂੰ ਟਵੀਟ ਕਰ ਕੇ ਕਿਹਾ।
‘‘ਜੰਮੂ ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਕੁਝ ਮੀਡੀਆ ਕਰਮੀਆਂ ਨਾਲ ਮੰਗਲਵਾਰ ਨੂੰ ਸ਼੍ਰੀਨਗਰ ’ਚ ਹੋਏ ਰਵੱਈਏ ਨੂੰ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਨੇ ਸ਼੍ਰੀਨਗਰ ਦੇ ਐੱਸ.ਐੱਸ.ਪੀ. ਨੂੰ ਦੋਸ਼ੀ ਪੁਲਸ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।’’
ਮੁਹੱਰਮ ਦੇ 8ਵੇਂ ਦਿਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮੱਦੇਨਜ਼ਰ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰ ਕੇ ਜੁਲੂਸ ਕੱਢਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਨੂੰ ਦੌੜਾਉਣ ਲਈ ਪੁਲਸ ਨੇ ਕਾਰਵਾਈ ਕੀਤੀ ਸੀ। ਇਸ ਦੌਰਾਨ ਕੁਝ ਮੀਡੀਆ ਕਰਮੀਆਂ ਜਿਨ੍ਹਾਂ ’ਚ ਜ਼ਿਆਦਾਤਰ ਫੋਟੋ ਪੱਤਰਕਾਰ ਅਤੇ ਵੀਡੀਓਗ੍ਰਾਫ਼ਰ ਸ਼ਾਮਲ ਹਨ ਦੀ ਵੀ ਪੁਲਸ ਅਧਿਕਾਰੀਆਂ ਨੇ ਕੁੱਟਮਾਰ ਕੀਤੀ ਸੀ।
ਇਸ ਦੌਰਾਨ ਇਕ ਫੋਟੋ ਪੱਤਰਕਾਰ ਦਾ ਕੈਮਰਾ ਵੀ ਨੁਕਸਾਨਿਆ ਗਿਆ ਸੀ। ਮੀਡੀਆ ਕਰਮੀਆਂ ਵਿਰੁੱਧ ਪੁਲਸ ਕਾਰਵਾਈ ਨੂੰ ਲੈ ਕੇ ਮੀਡੀਆ ਸੰਗਠਨਾਂ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ ਅਤੇ ਪੁਲਸ ਅਧਿਕਾਰੀਆਂ ਵਿਰੁੱਧ ਕਾਰਵਾਈ ਤੇ ਪੱਤਕਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।