
ਕਰਾਚੀ (ਰਾਘਵ) : ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਕਰਾਚੀ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਮੰਗਲਵਾਰ ਨੂੰ 69 ਸਾਲਾ ਜ਼ਰਦਾਰੀ ਨੂੰ ਬੁਖਾਰ ਅਤੇ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਕਰਾਚੀ ਤੋਂ ਕਰੀਬ 300 ਕਿਲੋਮੀਟਰ ਦੂਰ ਨਵਾਬਸ਼ਾਹ ਤੋਂ ਸ਼ਹਿਰ ਦੇ ਇਕ ਹਸਪਤਾਲ 'ਚ ਲਿਆਂਦਾ ਗਿਆ ਸੀ। ਸੂਤਰਾਂ ਮੁਤਾਬਕ ਜ਼ਰਦਾਰੀ ਦੇ ਕਈ ਮੈਡੀਕਲ ਟੈਸਟ ਕਰਵਾਏ ਗਏ ਅਤੇ ਡਾਕਟਰ ਉਨ੍ਹਾਂ ਦੀ ਹਾਲਤ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।
ਸੂਤਰਾਂ ਮੁਤਾਬਕ ਜ਼ਰਦਾਰੀ ਸੋਮਵਾਰ ਨੂੰ ਈਦ ਦੀ ਨਮਾਜ਼ ਅਦਾ ਕਰਨ ਲਈ ਨਵਾਬਸ਼ਾਹ ਗਏ ਸਨ ਅਤੇ ਇਸ ਤੋਂ ਪਹਿਲਾਂ ਐਤਵਾਰ ਨੂੰ ਉਨ੍ਹਾਂ ਨੇ ਆਪਣੀ ਪਾਰਟੀ ਦੇ ਨੇਤਾਵਾਂ ਨਾਲ ਬੈਠਕ ਕੀਤੀ ਸੀ। ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਟੈਲੀਫ਼ੋਨ 'ਤੇ ਰਾਸ਼ਟਰਪਤੀ ਜ਼ਰਦਾਰੀ ਦੀ ਸਿਹਤ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।