ਬੱਸ ‘ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖਬਰ, ਕਰਨਾ ਪੈ ਸਕਦੈ ਮੁਸ਼ਕਿਲਾਂ ਦਾ ਸਾਹਮਣਾ

by jaskamal

ਪੱਤਰ ਪ੍ਰੇਰਕ : ਪੰਜਾਬ 'ਚ ਤਿਉਹਾਰਾਂ ਦੇ ਸੀਜ਼ਨ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਭਰ ਵਿੱਚ ਪੀ.ਆਰ.ਟੀ.ਸੀ. ਅਤੇ ਪਨਬੱਸ ਮੁਲਾਜ਼ਮ ਭਲਕੇ 9 ਨਵੰਬਰ ਨੂੰ ਹੜਤਾਲ 'ਤੇ ਰਹਿਣਗੇ, ਜਿਸ ਦਾ ਕੱਚਾ ਮੁਲਾਜ਼ਮ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਤਨਖਾਹਾਂ ਵਿੱਚ ਵਾਧੇ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਭਲਕੇ ਪੰਜਾਬ ਵਿੱਚ ਚੱਕਾ ਜਾਮ ਕੀਤਾ ਜਾਵੇਗਾ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਕੰਟਰੈਕਟ ਵਰਕਰਜ਼ ਯੂਨੀਅਨ ਨੇ ਕਿਹਾ ਕਿ ਸਰਕਾਰ ਨੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ। ਜ਼ਿਕਰਯੋਗ ਹੈ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕ ਆਪਣੇ ਦੋਸਤਾਂ-ਮਿੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆਵਾਜਾਈ ਦਾ ਸਹਾਰਾ ਲੈਂਦੇ ਹਨ ਪਰ ਹੜਤਾਲ ਕਾਰਨ ਯਾਤਰੀਆਂ ਦੀਆਂ ਮੁਸ਼ਕਲਾਂ ਵਧ ਜਾਣਗੀਆਂ।