ਨਿਊਜ਼ ਡੈਸਕ : ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਬਾਹਰ 5 ਅਪ੍ਰੈਲ ਦੀ ਰਾਤ ਨੂੰ ਹੋਏ ਧਰਮਿੰਦਰ ਸਿੰਘ ਭਿੰਦਾ ਦੇ ਕਤਲ ਦੇ ਮਾਮਲੇ 'ਚ ਪਟਿਆਲਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਦੌਣ ਕਲਾਂ ਦੇ ਧਰਮਿੰਦਰ ਭਿੰਦਾ ਦੇ ਕਤਲ ਕੇਸ ਦੇ ਨਾਲ ਸਬੰਧਤ ਚਾਰ ਮੁਲਜ਼ਮ ਤੇ ਤਿੰਨ ਪਨਾਹ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਧਰਮਿੰਦਰ ਭਿੰਦਾ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ। ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆਂ ਤੋਂ ਅਸਲਾ ਵੀ ਬਰਾਮਦ ਕੀਤਾ ਗਿਆ ਹੈ।
ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਵੱਲੋਂ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਗਿਆ ਕਿ ਜਿਹੜੇ ਚਾਰ ਦੋਸ਼ੀ ਮੁੱਖ ਦੋਸ਼ੀਆਂ ਦੇ ਨਾਲ ਉਸ ਵੇਲੇ ਮੌਜੂਦ ਸਨ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਿੰਨ ਹੋਰ ਦੋਸ਼ੀ ਜਿਨ੍ਹਾਂ ਨੇ ਇਨ੍ਹਾਂ ਨੂੰ ਪਨਾਹ ਦਿੱਤੀ ਸੀ ਅਤੇ ਉਨ੍ਹਾਂ ਨੂੰ ਪਤਾ ਸੀ ਕਿ ਜੁਰਮ ਕਰਕੇ ਆਏ ਹਨ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਡਾ. ਨਾਨਕ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਪਾਸੋਂ ਅਸਲਾ ਵੀ ਬਰਾਮਦ ਕੀਤਾ ਗਿਆ।