ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਵਿਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ ਸੱਤਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 101.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 93.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 84 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਿਸ ਕਾਰਨ ਇੱਥੇ ਪੈਟਰੋਲ ਦੀ ਕੀਮਤ 116.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 100.94 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਕੰਪਨੀਆਂ ਨੇ ਪਿਛਲੇ 10 ਦਿਨਾਂ 'ਚ ਹੁਣ ਤੱਕ 9 ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ। 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ।
ਯੂਕਰੇਨ 'ਤੇ ਰੂਸ ਦੇ ਹਮਲੇ ਕਾਰਨ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ।