ਨਿਊਜ਼ ਡੈਸਕ : ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਬੂਥ ਨੰਬਰ-62 ਅਤੇ 63 'ਤੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਦੋ ਧਿਰਾਂ ਆਪਸ 'ਚ ਭਿੜ ਗਈਆਂ। ਪਹਿਲਾਂ ਇਹ ਸਾਰੀ ਘਟਨਾ ਪੁਲਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ, ਫਿਰ ਕੁੱਝ ਮਿੰਟਾਂ ਵਿੱਚ ਹੀ ਪੋਲਿੰਗ ਬੂਥ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਗੁਰਕੀਰਤ ਸਿੰਘ ਅਤੇ ਗੁਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਭਾਜਪਾ ਅਤੇ ਆਪ ਆਗੂਆਂ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਦੋਂ ਕਿ ਉਹ ਸ਼ਾਂਤਮਈ ਢੰਗ ਨਾਲ ਖੜ੍ਹੇ ਸਨ।
ਉਨ੍ਹਾਂ ਕਿਹਾ ਕਿ ਉਕਤ ਪਾਰਟੀਆਂ ਦੇ ਲੋਕ ਅਚਾਨਕ ਆ ਕੇ ਉਨ੍ਹਾਂ ਨਾਲ ਹੱਥੋਪਾਈ ਕਰਨ ਲੱਗ ਪਏ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਧੱਕੇਸ਼ਾਹੀ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।ਜਦੋਂ ਦੂਜੀ ਧਿਰ ਦੇ ਚਰਨਜੀਤ ਸਹਿਦੇਵ ਅਤੇ ਸ਼ਿਵਨੰਦਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਥਿਤ ਤੌਰ 'ਤੇ ਉਕਤ ਵਿਅਕਤੀਆਂ ਵੱਲੋਂ ਜਾਅਲੀ ਵੋਟ ਪਵਾਈ ਜਾ ਰਹੀ ਸੀ, ਜਿਸ ਨੂੰ ਰੋਕਣ 'ਤੇ ਉਨ੍ਹਾਂ ਵੱਲੋਂ ਝਗੜਾ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਵਿਅਕਤੀਆਂ ਵੱਲੋਂ ਝਗੜਾ ਕਰ ਕੇ ਉਨ੍ਹਾਂ ਦੀ ਦਾੜ੍ਹੀ ਵੀ ਪੁੱਟੀ ਗਈ ਹੈ।