Punjab: ਨੌਜਵਾਨ ਦਾ ਕਤਲ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

by nripost

ਮੋਗਾ (ਰਾਘਵ): ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦੋਂਕਿ ਫਰੀਦਕੋਟ ਮੈਡੀਕਲ ਕਾਲਜ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਐਸਐਸਪੀ ਅਜੇ ਗਾਂਧੀ ਨੇ ਦੱਸਿਆ ਕਿ ਕਸਬਾ ਪੱਤੋ ਹੀਰਾ ਸਿੰਘ ਦੇ ਰਹਿਣ ਵਾਲੇ ਜਰਨੈਲ ਸਿੰਘ ਨੇ ਪੁਲੀਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਿਹਾ ਕਿ ਉਸ ਦਾ ਪਿੰਡ ਦੇ ਕੁਝ ਵਿਅਕਤੀਆਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਸੀ। ਉਸ ਨੇ ਦੱਸਿਆ ਕਿ 23 ਸਤੰਬਰ ਦੀ ਸ਼ਾਮ ਚਾਰ ਵਜੇ ਉਸ ਦਾ ਭਰਾ ਕਰਨੈਲ ਸਿੰਘ ਆਪਣੀਆਂ ਦੋ ਧੀਆਂ ਨਾਲ ਘਰ ਪਰਤ ਰਿਹਾ ਸੀ। ਰਸਤੇ ਵਿੱਚ ਇੰਦਰਜੀਤ ਸਿੰਘ ਉਰਫ਼ ਸੰਨੀ ਅਤੇ ਉਸਦਾ ਦੋਸਤ ਜਿਸ ਦੀ ਉਮਰ 16 ਸਾਲ ਹੈ, ਪਿੰਡ ਰੱਤਣ ਨੂੰ ਜਾ ਰਹੀ ਬੱਸ ਵਿੱਚ ਸਵਾਰ ਹੋ ਗਏ। ਦੋਵਾਂ ਨੇ ਉਸ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋਏ ਉਸ ਦੇ ਭਰਾ ਕਰਨੈਲ ਸਿੰਘ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।

ਜਿੱਥੇ 25 ਸਤੰਬਰ ਦੀ ਰਾਤ ਨੂੰ ਉਸ ਦੇ ਭਰਾ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ਸਹਿਬ ਦੀ ਜ਼ਮੀਨ, ਗੁਰਦੁਆਰਾ ਸਹਿਬ ਦੇ ਪ੍ਰਬੰਧ ਅਤੇ ਪੈਸਿਆਂ ਦੇ ਹਿਸਾਬ ਕਿਤਾਬ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਰੰਜਿਸ਼ ਕਾਰਨ ਉਕਤ ਦੋਸ਼ੀਆਂ ਵੱਲੋਂ ਕਰਨੈਲ ਸਿੰਘ ਦਾ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਕਤਲ ਦਾ ਕੇਸ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਵੱਲੋਂ ਵਾਰਦਾਤ ਸਮੇਂ ਵਰਤਿਆ ਗਿਆ ਲੋਹੇ ਦਾ ਸੈਬਰ ਅਤੇ ਖੰਡਾ ਵੀ ਬਰਾਮਦ ਕਰ ਲਿਆ ਗਿਆ ਹੈ। ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਇੰਦਰਜੀਤ ਸ਼ਨੀ ਖ਼ਿਲਾਫ਼ 12 ਨਵੰਬਰ 2023 ਨੂੰ ਸ਼ਿਕਾਇਤਕਰਤਾ ਧਿਰ ਨਾਲ ਝਗੜੇ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ | ਜਦਕਿ 17 ਫਰਵਰੀ 2024 ਨੂੰ ਵੀ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।