ਚੰਡੀਗੜ੍ਹ – ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ I.N.D.I.A ਗਠਜੋੜ ਨੂੰ ਲੈ ਕੇ ਅਜੇ ਵੀ ਸਸਪੈਂਸ ਬਣਿਆ ਹੋਇਆ ਹੈ। ਹਾਲਾਂਕਿ ਦੋਵਾਂ ਪਾਰਟੀਆਂ ਦੇ ਆਗੂ ਵੱਖ-ਵੱਖ ਚੋਣਾਂ ਲੜਨ ਦਾ ਦਾਅਵਾ ਕਰਦੇ ਆ ਰਹੇ ਹਨ। ਪਰ ਇਸ ਦੌਰਾਨ ਪੰਜਾਬ ਕਾਂਗਰਸ ਨੇ ਚੋਣਾਂ ਲਈ ਕਮਰ ਕੱਸ ਲਈ ਹੈ।
ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਾਂਗਰਸ ਵੱਲੋਂ ਕੀਤੇ ਗਏ ਇਲੈਕਸ਼ਨ ਕਮੇਟੀ ਐਲਾਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਾਰਟੀ ਤੋਂ ਵੱਖ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੂੰ ਵੀ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਰਵਨੀਤ ਸਿੰਘ ਬਿੱਟੂ ਸਮੇਤ 27 ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਜਦੋਂ ਕਿ ਕੁਝ ਆਗੂਆਂ ਅਤੇ ਸਾਬਕਾ ਸੰਸਦ ਮੈਂਬਰਾਂ ਨੂੰ ਇਸ ਵਿੱਚ ਥਾਂ ਨਹੀਂ ਦਿੱਤੀ ਗਈ ਹੈ। ਜੇਕਰ ਕਾਂਗਰਸੀ ਆਗੂਆਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਹੋਰ ਕਮੇਟੀਆਂ ਵਿੱਚ ਥਾਂ ਮਿਲੇਗੀ।