
ਚੰਡੀਗੜ੍ਹ (ਰਾਘਵ): ਪੰਜਾਬ ਸਰਕਾਰ ਦਾ ਉਚੇਚਾ ਧਿਆਨ ਮੰਡੀਆਂ ’ਚ ਲਿਫਟਿੰਗ ’ਤੇ ਕੇਂਦਰਿਤ ਹੈ। ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀਰਵਾਰ ਨੂੰ ਇਥੇ ਕਣਕ ਦੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਇਹ ਵਿਚਾਰ ਪ੍ਰਗਟ ਕੀਤੇ ਅਤੇ ਅਫ਼ਸਰਾਂ ਨੂੰ ਇਸ ’ਚ ਤੇਜ਼ੀ ਲਿਆਉਣ ਲਈ ਕਿਹਾ। ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਨਾਜ ਭਵਨ ਵਿਖੇ ਹੋਈ ਉੱਚ ਪੱਧਰੀ ਮੀਟਿੰਗ ’ਚ ਮੰਤਰੀ ਨੇ ਅਧਿਕਾਰੀਆਂ ਨੂੰ ਅਗਲੇ 15 ਦਿਨਾਂ ਦੌਰਾਨ ਮੰਡੀਆਂ ਵਿਚ ਲਿਫਟਿੰਗ ਪ੍ਰਕਿਰਿਆ ਹੋਰ ਤੇਜ਼ ਕਰਨ ’ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ ਤਾਂ ਜੋ ਫ਼ਸਲ ਦੀ ਵਾਧੂ ਭਰਮਾਰ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ।
ਮੀਟਿੰਗ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਦੇ ਪ੍ਰਮੁੱਖ ਸਕੱਤਰ ਹਰ ਹਫ਼ਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗਾਂ ਕਰਦੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲਿਫਟਿੰਗ ਪ੍ਰਕਿਰਿਆ ’ਚ ਕਿਸੇ ਕਿਸਮ ਦੀ ਕੋਈ ਢਿੱਲ ਨਾ ਰਹੇ। ਵਿਭਾਗ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਮੰਡੀਆਂ ’ਚ ਕਣਕ ਦੀ ਰੋਜ਼ਾਨਾ ਆਮਦ ਦਾ ਅੰਕੜਾ 5 ਲੱਖ ਮੀਟ੍ਰਿਕ ਟਨ ਤੱਕ ਪਹੁੰਚੇ। ਮੰਤਰੀ ਨੂੰ ਦੱਸਿਆ ਗਿਆ ਕਿ ਹੁਣ ਤੱਕ ਮੰਡੀਆਂ ’ਚ 70 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਆ ਚੁੱਕੀ ਹੈ, ਜਿਸ ਵਿਚੋਂ 64 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਿਸ ’ਤੇ ਉਨ੍ਹਾਂ ਨੇ ਤਸੱਲੀ ਪ੍ਰਗਟਾਈ। ਇਸ ਮੌਕੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਜਨਰਲ ਮੈਨੇਜਰ (ਵਿੱਤ) ਸਰਵੇਸ਼ ਕੁਮਾਰ ਸ਼ਾਮਲ ਸਨ।